ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲੰਬੀ ਵਿਖੇ ਕਿਸਾਨਾਂ ਮਜ਼ਦੂਰਾਂ ਦੇ ਸ਼ਾਂਤਮਈ ਧਰਨੇ ਉੱਤੇ ਲਾਠੀਚਾਰਜ ਦੀ ਸਖਤ ਨਿਖੇਧੀ ਅਤੇ ਮਜ਼ਦੂਰ ਹੜਤਾਲ ਦੀ ਦੂਜੇ ਦਿਨ ਵੀ ਹਮਾਇਤ

ਚੰਡੀਗੜ੍ਹ 29 ਮਾਰਚ (ਜਨਸ਼ਕਤੀ ਨਿਊਜ਼ ਬਿਊਰੋ ) ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਦਾ ਮੁਆਵਜ਼ਾ ਲੈਣ ਲਈ ਨਾਇਬ ਤਹਿਸੀਲਦਾਰ ਲੰਬੀ ਦਾ ਘਿਰਾਓ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਉੱਤੇ ਅੱਧੀ ਰਾਤ ਲਾਠੀਚਾਰਜ ਕਰ ਕੇ 7 ਕਿਸਾਨਾਂ ਮਜ਼ਦੂਰਾਂ ਨੂੰ ਜ਼ਖ਼ਮੀ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਪਹਿਲੇ ਫੈਸਲੇ ਮੁਤਾਬਕ ਅੱਜ ਦੂਜੇ ਦਿਨ ਵੀ ਮਜ਼ਦੂਰਾਂ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਵਿੱਚ 12 ਜ਼ਿਲ੍ਹਿਆਂ ਦੇ ਕਿਸਾਨਾਂ ਨੇ 21 ਥਾਂਵਾਂ'ਤੇ ਕੇਂਦਰ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ। ਪ੍ਰੈੱਸ ਨੋਟ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪਹਿਲੀਆਂ ਕਿਸਾਨ ਵਿਰੋਧੀ ਸਰਕਾਰਾਂ ਦੀ ਤਰ੍ਹਾਂ 'ਆਪ' ਸਰਕਾਰ ਵੀ ਕਿਸਾਨਾਂ ਦੀ ਹੱਕੀ ਆਵਾਜ਼ ਨੂੰ ਜਬਰ ਰਾਹੀਂ ਦਬਾਉਣ ਦੇ ਰਾਹ ਤੁਰ ਪਈ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅੱਜ ਜਿੱਥੇ ਲੰਬੀ ਵਿਖੇ ਇਸ ਜਬਰ ਵਿਰੁੱਧ ਮੁਕਤਸਰ ਤੇ ਬਠਿੰਡਾ ਜ਼ਿਲ੍ਹਿਆਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਲਾਮਿਸਾਲ ਇਕੱਠ ਰਾਹੀਂ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਨਰਮਾ ਪੱਟੀ ਦੇ ਬਾਕੀ ਤਿੰਨ ਜਿਲ੍ਹਿਆਂ ਫਾਜ਼ਿਲਕਾ, ਫਰੀਦਕੋਟ ਅਤੇ ਮਾਨਸਾ ਵਿੱਚ ਵੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੂਬਾਈ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਜ਼ਿਲ੍ਹਾ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਵੱਲੋਂ ਜ਼ੋਰ ਦਿੱਤਾ ਗਿਆ ਕਿ ਨਰਮੇ ਦਾ ਤਹਿ ਹੋਇਆ ਮੁਆਵਜ਼ਾ ਅਜੇ ਤੱਕ ਵੀ ਵਾਂਝੇ ਰਹਿੰਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਤੁਰੰਤ ਦਿੱਤਾ ਜਾਵੇ, ਜ਼ਖ਼ਮੀ ਕਿਸਾਨਾਂ ਮਜ਼ਦੂਰਾਂ ਦਾ ਤੁਰੰਤ ਮੁਫ਼ਤ ਇਲਾਜ ਕੀਤਾ ਜਾਵੇ ਅਤੇ ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਬਣਦਾ ਕੇਸ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨਾਂ ਵੱਲੋਂ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਹੱਕੀ ਮੰਗਾਂ ਮੰਨੇ ਤੱਕ ਤਹਿਸੀਲਦਾਰ ਦਫ਼ਤਰ ਲੰਬੀ ਦਾ ਘਿਰਾਓ ਜਾਰੀ ਰਹੇਗਾ ਅਤੇ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।