ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਹਥੋਆ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

-- ਝੋਨੇ ਦੀ ਸਿੱਧੀ ਬਿਜਾਈ ਵਾਤਾਵਰਣ ਪੱਖੀ ਹੋਣ ਦੇ ਨਾਲ-ਨਾਲ ਕਿਸਾਨਾਂ ਲਈ  ਆਰਥਿਕ ਤੌਰ 'ਤੇ ਵੀ ਲਾਹੇਵੰਦ : ਡਾ ਕੁਲਦੀਪ ਕੌਰ

 

ਮਾਲੇਰਕੋਟਲਾ 15 ਮਈ  (ਰਣਜੀਤ ਸਿੱਧਵਾਂ)  :  ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਇਕ ਬਹੁਤ ਅਹਿਮ ਰੋਲ ਅਦਾ ਕਰਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਹਥੋਆ, ਬਲਾਕ ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਪਿੰਡ ਹਥੋਆ ਵਿਖੇ ਆਈ.ਸੀ.ਆਈ.ਸੀ. ਫਾਊਂਡੇਸ਼ਨ ਦੇ ਸਹਿਯੋਗ ਨਾਲ ਤੇਲ ਕੱਢਣ ਵਾਲੇ ਕੋਹਲੂ ਦਾ ਉਦਘਾਟਨੀ ਵੀ ਕੀਤੀ ਗਿਆ ।ਖੇਤੀਬਾੜੀ ਵਿਕਾਸ ਅਫ਼ਸਰ ਮਲੇਰਕੋਟਲਾ ਡਾ. ਨਵਦੀਪ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ  ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਫ਼ਸਲੀ ਵਿਭਿੰਨਤਾ ਅਪਣਾਉਣੀ ਚਾਹੀਦੀ ਹੈ ।ਉਹਨਾਂ ਨੇ ਦੱਸਿਆ ਜੇਕਰ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਤੇਲ ਬੀਜ ਫ਼ਸਲਾਂ ਹੇਠ ਰਕਬਾ ਵਧਾਉਣਾ ਚਾਹੀਦਾ ਹੈ ਕਿਉਂਕਿ ਤੇਲ ਦੀਆ ਕੀਮਤਾਂ ਪਿਛਲੇ ਕੁਝ ਸਾਲਾਂ ਤੋਂ ਤੇਜ਼ੀ ਨਾਲ ਵਧ ਰਹੀਆਂ ਹਨ ਅਤੇ ਜ਼ਿਆਦਾਤਰ ਤੇਲ ਭਾਰਤ ਵੱਲੋਂ ਆਯਾਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸਾਉਣੀ ਦੌਰਾਨ ਸੋਇਆਬੀਨ, ਤਿਲ ਅਤੇ ਬਹਾਰ ਰੁੱਤ ਦੌਰਾਨ ਸੂਰਜਮੁਖੀ ਅਤੇ ਹਾੜ੍ਹੀ ਦੌਰਾਨ ਸਰ੍ਹੋਂ, ਤੋਰੀਆ, ਰਾਇਆ, ਆਦਿ ਫ਼ਸਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਕਿਸਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਉਹ ਆਪਣੀ ਆਮਦਨ ਵਿੱਚ ਵਾਧਾ ਕਰਨ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਆਪਸ ਵਿੱਚ ਮਿਲ ਕੇ ਗਰੁੱਪ ਦਾ ਗਠਨ ਕਰਕੇ ਤੇਲ ਕੱਢਣ ਲਈ ਕੋਹਲੂ ਵੀ ਲਗਾ ਸਕਦੇ ਹਨ। ਇਸ ਤਰ੍ਹਾਂ ਉਹ ਵਧੀਆ ਕੁਆਲਿਟੀ ਦਾ ਤੇਲ ਕੱਢ ਕੇ ਪੈਕਿੰਗ ਕਰਨ ਤੋਂ ਬਾਅਦ ਮਾਰਕੀਟ ਵਿੱਚ ਵੇਚ ਸਕਦੇ ਹਨ । ਇਸ ਤਰ੍ਹਾਂ ਕਿਸਾਨ ਕੁਦਰਤੀ ਸਰੋਤ ਬਚਾਉਣ ਦੇ ਨਾਲ-ਨਾਲ ਉਹ ਆਪਣਾ ਮੁਨਾਫ਼ਾ ਵੀ ਡਬਲ ਕਰ ਸਕਦੇ ਹਨ।ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਾਤਾਵਰਣ ਪੱਖੀ ਹੋਣ ਦੇ ਨਾਲ-ਨਾਲ ਕਿਸਾਨਾਂ ਲਈ ਆਰਥਿਕ ਤੌਰ 'ਤੇ ਵੀ ਲਾਹੇਵੰਦ ਹੈ। ਇਸ ਨਾਲ ਝੋਨੇ ਦੇ ਝਾੜ 'ਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਉਸ ਤੋਂ ਬਾਅਦ ਉਸੇ ਖੇਤ ਵਿੱਚ ਬੀਜੀ ਜਾਣ ਵਾਲੀ ਕਣਕ ਜਾਂ ਹੋਰ ਫ਼ਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਝੋਨੇ ਦੀ ਰਵਾਇਤੀ ਕੱਦੂ ਵਾਲੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਕੇ ਪੰਜਾਬ ਸਰਕਾਰ ਵੱਲੋਂ ਐਲਾਨੀ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਰਾਸ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸਿੱਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨ ਸਿੱਧੇ ਤੌਰ 'ਤੇ  ਪੋਰਟਲ ਤੇ ਰਜਿਸਟ੍ਰੇਸ਼ਨ ਕਰ ਸਕਣਗੇ ਅਤੇ ਜੇਕਰ ਕੋਈ ਮੁਸ਼ਕਿਲ ਆਵੇ ਤਾਂ ਉਹ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਵੀ ਕਰ ਸਕਦੇ ਹਨ। ਇਸ ਸਮਾਗਮ ਦੌਰਾਨ ਡਾ. ਕੁਲਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਚਮਕੌਰ ਸਿੰਘ, ਸ੍ਰੀ ਸੁਖਵਿੰਦਰ ਸਿੰਘ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਤੋਂ ਇਲਾਵਾ ਅਗਾਂਹ ਵਧੂ ਕਿਸਾਨ  ਦਰਸ਼ਨ ਸਿੰਘ, ਬਹਾਦਰ ਸਿੰਘ, ਜਸਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਸੁਖਦੇਵ ਸਿੰਘ ਆਦਿ ਵੱਲੋਂ ਸ਼ਮੂਲੀਅਤ ਕੀਤੀ ਗਈ।