ਬੇਅਦਬੀ ਦੇ ਦੋਸ਼ੀ ਤੇ ਨਸ਼ੇ ਦੇ ਵਪਾਰੀ ਬਖ਼ਸ਼ੇ ਨਹੀਂ ਜਾਣਗੇ-ਰੰਧਾਵਾ

ਰਈਆ, ਅਗਸਤ 2019- ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆ ਦੇ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਕਰਵਾਈ ਗਈ ਰਾਜਸੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਭੱਜਣ ਨਹੀਂ ਦੇਵੇਗੀ, ਚਾਹੇ ਉਹ ਕਿੰਨੀਆਂ ਵੀ ਚਾਲਾਂ ਚੱਲ ਲੈਣ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਇਸ ਕੇਸ ਦੀ ਜਾਂਚ ਬੰਦ ਕਰਕੇ ਕਲੋਜ਼ਰ ਰਿਪੋਰਟ ਦੇ ਦਿੱਤੀ ਹੈ, ਜਿਸ ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਕਾਨੂੰਨੀ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਚ ਪਾਇਆ ਹੈ, ਸਰਕਾਰ ਉਨ੍ਹਾਂ ਨੂੰ ਸਜ਼ਾ ਦਿਵਾ ਕੇ ਰਹੇਗੀ। ਉਨ੍ਹਾਂ ਬਾਬਾ ਬਕਾਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 50 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਉਤਸਵ ਦੀ 550ਵੀਂ ਵਰ੍ਹੇਗੰਢ ਮੌਕੇ ਬਾਬੇ ਨਾਨਕ ਦੇ ਚਰਨ ਛੋਹ ਪ੍ਰਾਪਤ 70 ਪਿੰਡਾਂ ਦੀ ਵੀ ਕਾਇਆਕਲਪ ਕੀਤੀ ਜਾ ਰਹੀ ਹੈ ਅਤੇ ਹਰੇਕ ਪਿੰਡ ਨੂੰ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਘੱਟ ਗਿਣਤੀਆਂ ਉੱਤੇ ਜ਼ੁਲਮ ਕਰ ਰਹੀ ਹੈ, ਜਿਸ ਦਾ ਡਟਵਾਂ ਵਿਰੋਧ ਕੀਤਾ ਹੈ ਅਤੇ ਕਰਦੇ ਰਹਾਂਗੇ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ 20 ਅਗਸਤ ਤੋਂ ਰਾਜ ਦੇ 40 ਲੱਖ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ। ਉਨ੍ਹਾਂ ਬਾਬਾ ਬਕਾਲਾ ਦੇ ਹਸਪਤਾਲ ਨੂੰ ਵੱਡਾ ਕਰਨ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਖਡੂਰ ਸਾਹਿਬ ਜਸਬੀਰ ਸਿੰਘ ਡਿੰਪਾ ਨੇ ਜੰਮੂ-ਕਸ਼ਮੀਰ ਮੁੱਦੇ ਉੱਤੇ ਅਕਾਲੀ ਦਲ ਵੱਲੋਂ ਮੋਦੀ ਸਰਕਾਰ ਦਾ ਸਮਰਥਨ ਕਰਨ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਅਜਿਹਾ ਕਰਕੇ ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਤੋਂ ਭੱਜ ਗਿਆ ਹੈ, ਜਿਸ ਨੂੰ ਆਧਾਰ ਬਣਾ ਕੇ ਇਹ ਹੁਣ ਤੱਕ ਲੋਕਾਂ ਦੀਆਂ ਵੋਟਾਂ ਲੈਂਦਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਨਵਤੇਜ ਸਿੰਘ ਚੀਮਾ, ਹਰਪ੍ਰਤਾਪ ਸਿੰਘ ਅਜਨਾਲਾ, ਫ਼ਤਿਹ ਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ।