ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ

ਅੰਮ੍ਰਿਤਸਰ, ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ )- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਭਾਈ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਰਾਜਿੰਦਰ ਸਿੰਘ, ਚੀਫ਼ ਖ਼ਾਲਸਾ ਦੀਵਾਨ ਤੋਂ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਘਾਲਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਜਸਪਾਲ ਸਿੰਘ ਆਦਿ ਨੇ ਗਿਆਨੀ ਰਣਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਉਪਰੰਤ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਇਹ ਸੇਵਾ ਸੰਭਾਲ ਲਈ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਕਿਹਾ ਕਿ ਉਸ ਨਿਮਾਣੇ ਤੇ ਗੁਰੂ ਸਾਹਿਬ ਨੇ ਕਿਰਪਾ ਕੀਤੀ ਹੈ ਤੇ ਉਨ੍ਹਾਂ ਨੂੰ ਪੰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਵ-ਨਿਯੁਕਤ ਜਥੇਦਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਅਹਿਮ ਯੋਗਦਾਨ ਹੈ ਤੇ ਗਿਆਨੀ ਸੰਤ ਸਿੰਘ ਮਸਕੀਨ ਤੋਂ ਬਾਅਦ ਉਨ੍ਹਾਂ ਵਲੋਂ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ 'ਚ ਕਥਾ ਦੀ ਜ਼ਿੰਮੇਵਾਰੀ ਨਿਰੰਤਰ ਨਿਭਾਈ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਗਿਆਨੀ ਗੌਹਰ-ਏ-ਮਸਕੀਨ ਗੁਰੂ ਸਾਹਿਬ ਦੀ ਬਖ਼ਸ਼ੀਸ਼ ਨਾਲ ਸਿੱਖੀ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨਗੇ ਤੇ ਪੰਥਕ ਮਾਮਲਿਆਂ ਸਬੰਧੀ ਬਣਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣਗੇ। ਇਸ ਉਪਰੰਤ ਗਿਆਨੀ ਗੌਹਰ-ਏ-ਮਸਕੀਨ ਨੇ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।