ਸੰਤ ਸੀਚੇਵਾਲ ਵਲੋਂ ਕਾਲੀ ਵੇਈਂ ਵਿਚ 500 ਕਿਊਸਕ ਪਾਣੀ ਛੱਡਣ ਦੀ ਮੰਗ

ਸੁਲਤਾਨਪੁਰ ਲੋਧੀ, ਸਤੰਬਰ 2019-( ਸਤਪਾਲ ਸਿੰਘ ਦੇਹੜਕਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕੀਤੀ। ਮੁੱਖ ਮੰਤਰੀ ਅੱਜ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਏ ਹੋਏ ਸਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੌਕੇ ’ਤੇ ਜਾ ਕੇ ਮਿਲੇ। ਉਨ੍ਹਾਂ ਸੰਤ ਸੀਚੇਵਾਲ ਵੱਲੋਂ ਪਵਿੱਤਰ ਕਾਲੀ ਵੇਈਂ ਸਮੇਤ ਹੋਰ ਸਮਾਜ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਬੀਤੇ ਦਿਨੀਂ ਆਏ ਹੜ੍ਹਾਂ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਜਾਨੀਆ ਚਾਹਲ ਦੇ ਧੁੱਸੀ ਬੰਨ੍ਹ ਦੇ ਪਾੜ ਨੂੰ ਪੂਰਨ ਲਈ ਪੰਜਾਬ ਦੇ ਲੋਕਾਂ ਨੇ ਦਿਨ ਰਾਤ ਕੰਮ ਕਰ ਕੇ 10 ਦਿਨਾਂ ਵਿੱਚ ਇਸ ਨੂੰ ਮੁਕੰਮਲ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਨੇ ਵੇਈਂ ਨੂੰ ਸਾਫ ਸੁਥਰਾ ਰੱਖਣ ਬਾਰੇ ਵੀ ਸੰਤ ਸੀਚੇਵਾਲ ਜੀ ਨਾਲ ਵਿਚਾਰ ਚਰਚਾ ਕੀਤੀ।
ਇਸ ਮੌਕੇ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਪਵਿੱਤਰ ਕਾਲੀ ਵੇਈਂ ਵਿਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਕ ਨਿਰੰਤਰ ਵਹਾਅ ਬਣਿਆ ਰਹੇ ਅਤੇ ਕਾਲੀ ਵੇਈਂ ਦਾ ਪਾਣੀ ਸਾਫ਼ ਰਹੇ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਬਾਬੇ ਨਾਨਕ ਦੀ ਵੇਈਂ ਤਦ ਹੀ ਜਿਊਂਦੀ ਰਹਿ ਸਕਦੀ ਹੈ ਜੇ ਇਸ ਵਿਚ ਪਾਣੀ ਦਾ ਵਹਾਅ ਨਿਰੰਤਰ ਬਣਿਆ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਵੇਈਂ ਦਾ ਵਹਾਅ ਲਗਾਤਾਰ ਬਣਿਆ ਰਹੇਗਾ। ਸੰਤ ਸੀਚੇਵਾਲ ਨੇ ਦੱਸਿਆ ਕਿ ਸੰਗਤਾਂ ਦੀ ਮੰਗ ਹੈ ਕਿ ਵੇਈਂ ਵਿੱਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਸ ਦੇ ਵਹਾਅ ਨਾਲ ਸਿੱਖ ਫਲਸਫ਼ੇ ਦੀ ਇਸ ਇਤਿਹਾਸਕ ਧਰੋਹਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਦਾ ਵਹਾਅ ਨੂੰ ਲਗਤਾਰ ਬਣਾਈ ਰੱਖਣਾ ਸਮੇਂ ਮੁੱਖ ਲੋੜ ਹੈ। ਸੰਤ ਸੀਚੇਵਾਲ ਨੇ ਨਦੀਆਂ ਅਤੇ ਦਰਿਆਵਾਂ ਨੂੰ ਕੁਦਰਤ ਦਾ ਜਿਊਂਦਾ ਜਾਗਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁਦਰਤੀ ਸਾਧਨਾਂ ਦੇ ਮਰਨ ਨਾਲ ਮਨੁੱਖ ਨੂੰ ਅੱਜ ਵੱਡੀਆਂ ਚੁਣੌਤੀਆਂ ਅਤੇ ਖਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।