ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਰੱਖਿਆ ਫੌਜਾਂ ਦਾ ਤੰਦਰੁਸਤ ਹੋਣਾ ਜ਼ਰੂਰੀ-ਪੁਲਿਸ ਕਮਿਸ਼ਨਰ

ਪੁਲਿਸ ਸ਼ਹੀਦਾਂ ਦੀ ਯਾਦ ਵਿੱਚ ਕਰਵਾਈ ਮਿੰਨੀ ਮੈਰਾਥਨ ਨੂੰ ਡਿਪਟੀ ਕਮਿਸ਼ਨਰ ਨੇ ਦਿਖਾਈ ਹਰੀ ਝੰਡੀ
 

ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- 

ਪੁਲਿਸ ਅਤੇ ਸੁਰੱਖਿਆ ਫੌਜਾਂ ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮੈਰਾਥਨ ਕਮਿਸ਼ਨਰ ਪੁਲਿਸ ਲੁਧਿਆਣਾ ਰਾਕੇਸ਼ ਅਗਰਵਾਲ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਕੱਢੀ ਗਈ। ਇਹ ਮੈਰਾਥਨ ਸਵੇਰੇ 6.30 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਘੁਮਾਰ ਮੰਡੀ, ਡਾ. ਹੀਰਾ ਸਿੰਘ ਰੋਡ, ਸਮੋਸਾ ਚੌਕ, ਫੁਆਰਾ ਚੌਕ, ਪੁਰਾਣਾ ਸੈਸ਼ਨ ਚੌਕ, ਡੰਡੀ ਸਵਾਮੀ ਹੁੰਦੀ ਹੋਈ ਪੁਲਿਸ ਲਾਈਨਜ਼ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਈ। ਇਸ ਮੌਕੇ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਰਾਕੇਸ਼ ਅਗਰਵਾਲ ਨੇ ਕਿਹਾ ਕਿ ਅਜੋਕੇ ਸਮੇਂ ਪੁਲਿਸ ਅਤੇ ਸੁਰੱਖਿਆ ਫੌਜਾਂ ਦੇ ਸਾਹਮਣੇ ਕਈ ਚੁਣੌਤੀਆਂ ਦਰਪੇਸ਼ ਹਨ, ਉਨਾਂ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਕਰਮੀਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੁਰੱਖਿਆ ਕਰਮੀਆਂ ਨੂੰ ਨਿੱਤ ਦਿਨ ਦੇ ਕੰਮ ਕਾਜ ਦੇ ਬੋਝ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਤੌਰ 'ਤੇ ਵੀ ਤੰਦਰੁਸਤ ਰੱਖਿਆ ਜਾਵੇ। ਉਨਾਂ ਕਿਹਾ ਕਿ ਅੱਜ ਦੀ ਇਹ ਮੈਰਾਥਨ ਉਨ•ਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਕਰਵਾਈ ਗਈ ਹੈ, ਜਿਨਾਂ ਨੇ ਵੱਖ-ਵੱਖ ਸਮੇਂ ਦੌਰਾਨ ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨਾਂ ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਅਤੇ ਸੁਰੱਖਿਆ ਕਰਮੀਆਂ ਦਾ ਇਸ ਮੈਰਾਥਨ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ। ਦੌੜ ਦੌਰਾਨ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਦੌੜਾਕਾਂ ਦਾ ਸਨਮਾਨ ਵੀ ਕੀਤਾ ਗਿਆ।