ਨਿੱਜੀ ਹਸਪਤਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ, ਨਹੀਂ ਤਾਂ ਹੋਵੇਗੀ ਕਾਰਵਾਈ-ਡਿਪਟੀ ਕਮਿਸ਼ਨਰ

ਮੁਹੱਲਿਆਂ ਅਤੇ ਬਸਤੀਆਂ ਦੇ ਲੋਕ ਵੀ ਸਹਿਯੋਗ ਕਰਨ, ਸਥਿਤੀ ਜ਼ਿਲਾ ਪ੍ਰਸਾਸ਼ਨ ਦੇ ਪੂਰਨ ਕਾਬੂ ਹੇਠ-ਡਿਪਟੀ ਕਮਿਸ਼ਨਰ

ਲੁਧਿਆਣਾ, ਅਪ੍ਰੈਲ 2020-(ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ)-
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿੱਜੀ ਹਸਪਤਾਲਾਂ ਨੇ ਇਸ ਸੰਕਟ ਦੀ ਸਥਿਤੀ ਵਿੱਚ ਆਪਣੀਆਂ ਸਿਹਤ ਸੇਵਾਵਾਂ ਜਾਰੀ ਨਾ ਰੱਖੀਆਂ ਤਾਂ ਉਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਜਾਵੇਗੀ। ਉਨਾਂ ਕਿਹਾ ਕਿ ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਨਿੱਜੀ ਹਸਪਤਾਲ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ। ਕਰਫਿਊ/ਲੌਕਡਾਊਨ ਦੌਰਾਨ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਅਗਰਵਾਲ ਨੇ ਦੱਸਿਆ ਕਿ ਹਾਲੇ ਵੀ ਕੁਝ ਮੁਹੱਲਿਆਂ ਅਤੇ ਬਸਤੀਆਂ ਦੇ ਲੋਕ ਘਰੋਂ ਬਾਹਰ ਨਿਕਲ ਕੇ ਇਧਰ ਉਧਰ ਘੁੰਮਦੇ ਨਜ਼ਰ ਆਉਂਦੇ ਹਨ, ਜੋ ਕਿ ਗਲਤ ਹੈ। ਉਨਾਂ ਅਜਿਹੇ ਲੋਕਾਂ ਨੂੰ ਲੋਕ ਹਿੱਤ ਵਿੱਚ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸਾਸ਼ਨ ਦਾ ਸਹਿਯੋਗ ਕਰਨ। ਜੋ ਲੋਕ ਹਦਾਇਤਾਂ ਦੀ ਉਲੰਘਣਾ ਕਰਨਗੇ ਉਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅਗਰਵਾਲ ਨੇ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ, ਜਿਨਾਂ ਵਿੱਚੋਂ ਇੱਕ ਮਰੀਜ਼ ਜ਼ਿਲਾ ਜਲੰਧਰ ਨਾਲ ਸੰਬੰਧਤ ਹੈ। ਉਨਾਂ ਦੱਸਿਆ ਕਿ ਹੁਣ ਤੱਕ ਲਏ ਗਏ 384 ਨਮੂਨਿਆਂ ਵਿੱਚੋਂ 329 ਨਮੂਨਿਆਂ ਦੇ ਨਤੀਜੇ ਆ ਗਏ ਹਨ, ਜਿਨਾਂ ਵਿੱਚੋਂ 322 ਨੈਗੇਟਿਵ ਪਾਏ ਗਏ ਹਨ, ਜਦਕਿ 7 ਦੇ ਨਤੀਜੇ ਬਾਕੀ ਹਨ। ਉਨਾਂ ਦੱਸਿਆ ਕਿ ਤਬਲੀਗੀ ਸਮਾਗਮ ਨਾਲ ਸੰਬੰਧਤ ਦੋ ਵਿਅਕਤੀਆਂ ਦੇ ਨਮੂਨੇ ਪਾਜ਼ੀਟਿਵ ਆਏ ਹਨ। ਅਗਰਵਾਲ ਨੇ ਦੱਸਿਆ ਕਿ ਆਗਾਮੀ ਕਣਕ ਦੀ ਵਾਢੀ ਨੂੰ ਧਿਆਨ ਵਿੱਚ ਰੱਖ ਕੇ ਜ਼ਿਲਾ ਪ੍ਰਸਾਸ਼ਨ ਵੱਲੋਂ ਹੁਣੇ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਅਧਿਕਾਰੀਆਂ ਨੂੰ ਸੁਚੱਜੀ ਵਾਢੀ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮ ਰਾਹੀਂ ਅਫਵਾਹਾਂ ਫੈਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕੋਵਿਡ 19 ਦੇ ਚੱਲਦਿਆਂ ਕੁਝ ਲੋਕਾਂ ਵੱਲੋਂ ਗਲਤ ਪ੍ਰਚਾਰ ਜਾਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਵਿੱਚ ਘਬਰਾਹਟ ਪੈਦਾ ਹੁੰਦੀ ਹੈ। ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਸ੍ਰੀ ਅਗਰਵਾਲ ਨੇ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾ ਵੈਰੀਫਾਈ ਕੀਤਿਆਂ ਕੋਈ ਵੀ ਖ਼ਬਰ ਅੱਗੇ ਨਾ ਸਾਂਝੀ ਕਰਨ। ਉਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਪੂਰਨ ਰੂਪ ਵਿੱਚ ਜ਼ਿਲਾ ਪ੍ਰਸਾਸ਼ਨ ਦੇ ਕਾਬੂ ਹੇਠ ਹੈ। ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਪੂਰਨ ਤੌਰ 'ਤੇ ਮੰਨਣਾ ਚਾਹੀਦਾ ਹੈ।