ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਲਿਫਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

(ਫੋਟੋ:-ਕਣਕ ਦੀ ਖ਼ਰੀਦ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ ਤੇ ਹੋਰ ਅਧਿਕਾਰੀ)

ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖ਼ਰੀਦ ਪ੍ਰਕਿਰਿਆ ਦੀ ਕੀਤੀ ਸਮੀਖਿਆ

ਕਪੂਰਥਲਾ, ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)-

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲੇ ਵਿਚ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੀਤੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਵਿਚ ਬੇਹੱਦ ਤੇਜ਼ੀ ਆਈ ਹੈ ਅਤੇ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਉਨਾਂ ਕਿਹਾ ਕਿ ਇਸ ਵੇਲੇ ਸਭ ਤੋਂ ਵੱਡੀ ਲੋੜ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੀ ਹੈ। ਉਨਾਂ ਅਧਿਕਾਰੀਆਂ ਨੂੰ ਕਣਕ ਦੀ ਨਾਲੋ-ਨਾਲ ਲਿਫਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਜੋ ਮੌਸਮ ਦੀ ਖ਼ਰਾਬੀ ਦੇ ਮੱਦੇਨਜ਼ਰ ਨੁਕਸਾਨ ਤੋਂ ਬਚਾਅ ਹੋ ਸਕੇ। ਉਨਾਂ ਕੁਝ ਥਾਵਾਂ ’ਤੇ ਲੇਬਰ ਅਤੇ ਬਾਰਦਾਨੇ ਦੀ ਪੇਸ਼ ਆ ਰਹੀ ਸਮੱਸਿਆ ਨੂੰ ਵੀ ਫੌਰਨ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਸੈਨੀਟਾਈਜ਼ੇਸਨ, ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ ਜਿਹੇ ਸਿਹਤ ਸੁਰੱਖਿਆ ਉਪਾਵਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। 

  ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਜਿਸ ਦੀ ਨਮੀ 12 ਫੀਸਦੀ ਤੋਂ ਵਧੇਰੇ ਨਾ ਹੋਵੇ। ਉਨਾਂ ਇਹ ਵੀ ਅਪੀਲ ਕੀਤੀ ਕਿ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਹੀ ਕਣਕ ਦੀ ਕਟਾਈ ਕੀਤੀ ਜਾਵੇ। ਉਨਾਂ ਕੰਬਾਇਨ ਮਾਲਕਾਂ ਨੂੰ ਅਣ-ਪੱਕੀ ਅਤੇ ਨਮੀ ਵਾਲੀ ਕਣਕ ਦੀ ਕਟਾਈ ਨਾ ਕਰਨ ਅਤੇ ਕਟਾਈ ਕਰਨ ਸਮੇਂ ਕੰਬਾਇਨਾਂ ਵਿਚ ਉਪਲਬੱਧ ਪੱਖਿਆਂ ਨੂੰ ਚਾਲੂ ਹਾਲਤ ਵਿਚ ਰੱਖਣ ਅਤੇ ਰਾਤ ਸਮੇਂ ਕਟਾਈ ਨਾ ਕਰਨ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨਾਂ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਾਈ ਜਾਵੇ। ਉਨਾਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਡੀ. ਐਫ ਐਸ. ਸੀ ਸ. ਸਰਤਾਜ ਸਿੰਘ ਚੀਮਾ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਡਿਪਟੀ ਡੀ. ਐਮ. ਓ ਸ੍ਰੀ ਰੁਪਿੰਦਰ ਮਿਨਹਾਸ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਨਰਿੰਦਰ ਸਿੰਘ ਮੱਲੀ, ਖੇਤੀਬਾੜੀ ਅਫ਼ਸਰ ਕਪੂਰਥਲਾ ਸ੍ਰੀ ਅਸ਼ਵਨੀ ਕੁਮਾਰ ਅਤੇ ਜੀ. ਓ. ਜੀ ਹੈੱਡ ਕਰਨਲ ਕੁਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।