ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਮਿੱਥੇ ਸਮੇਂ ਵਿਚ ਤਿਆਰ ਹੋਵੇਗਾ- ਰਾਜਨਾਥ

ਅਟਾਰੀ- (ਜਨ ਸ਼ਕਤੀ ਨਿਊਜ)-

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਵਲੋਂ ਹਰ ਹਾਲਤ ਵਿਚ ਤਿਆਰ ਕੀਤਾ ਜਾਵੇਗਾ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਵਾਲਾ ਹਿੱਸਾ ਕੇਂਦਰ ਸਰਕਾਰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰੇਗੀ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਯੋਜਨਾ ਦੀ ਪ੍ਰਗਤੀ ਬਾਰੇ ਸਮੀਖਿਆ ਵੀ ਕੀਤੀ ਹੈ।ਅੱਜ ਇੱਥੇ ਅਟਾਰੀ-ਸਰਹੱਦ ’ਤੇ ਦਰਸ਼ਕ ਗੈਲਰੀ ਦਾ ਉਦਘਾਟਨ ਅਤੇ ਬੀਐਸਐੱਫ ਜਵਾਨਾਂ ਦੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਆਏ ਕੇਂਦਰੀ ਗ੍ਰਹਿ ਮੰਤਰੀ ਨੇ ਰੀਟ੍ਰੀਟ ਰਸਮ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਯੋਜਨਾ ਬਾਰੇ ਵੱਖ ਵੱਖ ਮੰਤਰਾਲਿਆਂ ਦੇ ਸਕੱਤਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਹੈ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਸਬੰਧੀ ਕੰਮ ਨਿਰਧਾਰਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਗ੍ਰਹਿ ਮੰਤਰੀ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਹਦਾਇਤ ਵੀ ਕੀਤੀ ਗਈ ਹੈ ਕਿ ਇਸ ਕੰਮ ਨੂੰ ਮਿੱਥੇ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਦੱਸਣਯੋਗ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦੋਵਾਂ ਦੇਸ਼ਾਂ ਵੱਲੋਂ ਸਮਝੌਤੇ ਦਾ ਖਰੜਾ ਵੀ ਸਾਂਝਾ ਕੀਤਾ ਗਿਆ ਹੈ। ਪਾਕਿਸਤਾਨ ਵਾਲੇ ਪਾਸੇ ਇਸ ਸਬੰਧੀ ਕੰਮ ਜਾਰੀ ਹੈ। ਜਦਕਿ ਭਾਰਤ ਵਾਲੇ ਪਾਸਿਉਂ ਵੀ ਲਾਂਘੇ ਸਬੰਧੀ ਜ਼ਮੀਨ ਪ੍ਰਾਪਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਅਟਾਰੀ ਸਥਿਤ ਆਈਸੀਪੀ ’ਤੇ ਫੁੱਲ ਬਾਡੀ ਟਰੱਕ ਸਕੈਨਰ ਸਥਾਪਿਤ ਕਰਨ ਵਿਚ ਹੋ ਰਹੀ ਦੇਰ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਮੰਤਰੀ ਨੇ ਆਖਿਆ ਕਿ ਬਾਕੀ ਰਹਿੰਦਾ ਕੰਮ ਕੁਝ ਸਮੇਂ ਵਿਚ ਹੀ ਮੁਕੰਮਲ ਹੋ ਜਾਵੇਗਾ।

 ਕੇਂਦਰੀ ਗ੍ਰਹਿ ਮੰਤਰੀ ਨੂੰ ਕਾਂਗਰਸੀਆਂ ਨੇ ਕਾਲੀਆਂ ਝੰਡੀਆਂ ਦਿਖਾਈਆਂ 

ਕੇਂਦਰੀ ਗ੍ਰਹਿ ਮੰਤਰੀ ਨੂੰ ਅੱਜ ਇੱਥੋਂ ਨੇੜਲੇ ਇੰਡੀਆ ਗੇਟ ਕੋਲ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਦੀ ਅਗਵਾਈ ਹੇਠ ਕਾਂਗਰਸੀ ਕਾਰਕੁਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਕਾਂਗਰਸੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੁਜਰਾਤ ਵਿਚ ਸਰਦਾਰ ਵੱਲਭ ਭਾਈ ਪਟੇਲ ਦਾ ਵਿਸ਼ਵ ਦਾ ਸਭ ਤੋਂ ਉੱਚਾ ਬੁੱਤ ਸਥਾਪਤ ਕਰਨ ਲਈ ਕਰੋੜਾਂ ਰੁਪਏ ਖਰਚੇ ਜਦਕਿ ਇਸ ਰਕਮ ਨਾਲ ਦੇਸ਼ ਦੇ ਪੱਛੜੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਮੁੱਢਲਾ ਢਾਂਚਾ ਉਸਾਰਿਆ ਜਾ ਸਕਦਾ ਸੀ।