ਪੰਜਾਬ ਅੰਦਰ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ ਤੇ ਲੈਬਾਂ ਨੂੰ ਰੈਪਿਡ ਐਂਟੀਜਨ ਟੈਸਟ ਕਰਨ ਦੀ ਮਨਜ਼ੂਰੀ

ਚੰਡੀਗੜ੍ਹ , ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਲਈ ਲੋਕਾਂ ਦੀ ਵੱਧ ਤੋਂ ਵੱਧ ਜਾਂਚ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿਹਤ ਅਥਾਰਟੀਆਂ ਦੁਆਰਾ ਸੂਚੀਬੱਧ ਹੋਣ ਉਪਰੰਤ ਨਿੱਜੀ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਂਟੀਜਨ ਟੈਸਟ (R.A.T) ਕਰਨ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਨਿੱਜੀ ਸਿਹਤ ਅਦਾਰਿਆਂ ਵੱਲੋਂ ਕੋਵਿਡ-19 ਲਈ ਰੈਪਿਡ ਐਂਟੀਜਨ ਟੈਸਟ ਦੀ ਆਗਿਆ ਦੇਣ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਰਏਟੀ ਕਿੱਟਾਂ ਮੁਫ਼ਤ ਦਿੱਤੀਆਂ ਜਾਣਗੀਆਂ। ਸਿਵਲ ਸਰਜਨ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਸੂਚੀਬੱਧ ਕਰਨਗੇ ਜਿਹੜੇ ਵਿਭਾਗ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਆਰਏਟੀ ਕਿੱਟਾਂ ਨਾਲ ਟੈਸਟ ਕਰਨ ਲਈ ਸਵੈ-ਇੱਛਤ ਤੌਰ 'ਤੇ ਸੂਚੀਬੱਧ ਹੋਣ ਲਈ ਤਿਆਰ ਹਨ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕਿੱਟਾਂ ਸਿਹਤ ਵਿਭਾਗ ਦੁਆਰਾ ਮੁਹੱਈਆ ਕਰਵਾਈਆਂ ਗਈਆਂ ਹੋਣ ਤਾਂ ਨਿੱਜੀ ਹਸਪਤਾਲ/ਲੈਬ ਮਰੀਜ਼ਾਂ ਤੋਂ ਟੈਸਟ ਲਈ ਵੱਧ ਤੋਂ ਵੱਧ 250 ਰੁਪਏ ਲੈ ਸਕਦੇ ਹਨ। ਇਸ ਤੋਂ ਪਹਿਲਾਂ, ਪ੍ਰਾਈਵੇਟ ਲੈਬਾਂ, ਜੋ ਆਪਣੀ ਖੁਦ ਦੀਆਂ ਕਿੱਟਾਂ ਦੀ ਵਰਤੋਂ ਕਰ ਰਹੇ ਹਨ, ਲਈ ਰੈਪਿਡ ਐਂਟੀਜੇਨ ਟੈਸਟਿੰਗ ਦੀ ਕੀਮਤ 1000 ਰੁਪਏ ਤੋਂ ਘਟਾ ਕੇ 700 ਰੁਪਏ ਕਰ ਦਿੱਤੀ ਗਈ ਸੀ ਜਿਸ ਵਿੱਚ ਜੀਐਸਟੀ ਅਤੇ ਹੋਰ ਟੈਕਸ ਸ਼ਾਮਲ ਹਨ। ਨਿੱਜੀ ਹਸਪਤਾਲ/ਲੈਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਮੁਫਤ ਮੁਹੱਈਆ ਕਰਵਾਈਆਂ ਗਈਆਂ ਆਰ.ਏ.ਟੀ. ਕਿੱਟਾਂ ਦੀ ਵਰਤੋਂ ਲਈ ਐਸਓਪੀਜ਼ ਦੀ ਪਾਲਣਾ ਕਰਨਗੇ।