ਕੋਰਨਾ ਮਹਾਂਮਾਰੀ ਤੋਂ ਪ੍ਰਭਾਵਿਤ 95 ਪ੍ਰਤੀਸ਼ਤ ਲੋਕ ਤੰਦਰੁਸਤ ਹੋ ਕੇ ਪਰਤੇ ਆਪਣੇ ਘਰ - ਡਿਪਟੀ ਕਮਿਸ਼ਨਰ

ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਤਿਉਂਹਾਰਾਂ ਦਾ ਮਾਣੋ ਆਨੰਦ

ਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਹੋਏ ਰੂ-ਬਰੂ

ਲੁਧਿਆਣਾ , ਅਕਤੂਬਰ 2020 -(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ)

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ। ਸਰਮਾ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਰਨਾ ਮਹਾਂਮਾਰੀ ਤੋਂ ਪ੍ਰਭਾਵਿਤ ਕਰੀਬ 95 ਪ੍ਰਤੀਸ਼ਤ ਲੋਕ ਤੰਦਰੁਸਤ ਹੋ ਕੇ ਆਪਣੇ-ਆਪਣੇ ਘਰ ਪਰਤ ਗਏ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਸਭ ਸ਼ਹਿਰ ਵਾਸੀਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਇਸ ਕੋਰੋਨਾ ਮਹਾਂਮਾਰੀ ਦੇ ਮਾੜੇ ਦੌਰ ਵਿੱਚ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਆਪਸੀ ਵਿੱਥ ਰੱਖਣਾ, ਹੱਥਾਂ ਨੂੰ ਵਾਰ-ਵਾਰ ਧੋਣਾ ਆਦਿ ਦੀ ਪਾਲਣਾ ਕਰਦਿਆਂ ਆਪਣਾ ਤੇ ਆਪਣਿਆਂ ਦਾ ਬਚਾਅ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਵੀ ਸਹਿਯੋਗ ਕੀਤਾ।

ਸ੍ਰੀ ਵਰਿੰਦਰ ਸ਼ਰਮਾ ਨੇ ਅੱਗੇ ਕਿਹਾ ਕਿ ਕੋਈ ਵੀ ਬਿਮਾਰੀ ਜਦੋਂ ਪਹਿਲੇ ਪੜਾਅ ਵਿੱਚ ਹੁੰਦੀ ਹੈ ਤਾਂ ਉਸਦਾ ਇਲਾਜ਼ ਨਾ ਹੋਣ ਕਰਕੇ ਉਸਦਾ ਪਸਾਰ ਜ਼ਿਆਦਾ ਹੁੰਦਾ ਹੈ। ਉਨ੍ਹਾਂ ਕਿਹਾ ਸਾਡੇ ਪੰਜਾਬ ਸੂਬੇ ਲਈ ਰਾਹਤ ਦੀ ਗੱਲ ਇਹ ਰਹੀ ਹੈ ਕਿ ਦਿੱਲੀ ਜਾਂ ਮੁੰਬਈ ਦੇ ਮੁਕਾਬਲੇ ਪੰਜਾਬ ਵਿੱਚ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿੱਢੀ ਮੁਹਿੰਮ ਮਿਸ਼ਨ ਫਤਿਹ ਅਧੀਨ ਪਹਿਲਾਂ ਹੀ ਅਹਿਮ ਕੱਦਮ ਚੁੱਕ ਲਏ ਗਏ, ਜਿਸ ਕਾਰਨ ਮਹਾਂਮਾਰੀ ਦੇ ਮਾੜੇ ਪ੍ਰਭਾਵ ਨੂੰ ਕਾਫੀ ਥੱਲੇ ਲਿਆਉਣ ਵਿੱਚ ਕਾਮਯਾਬ ਰਹੇ ਹਾਂ।ਉਨ੍ਹਾਂ ਅੱਗੇ ਕਿਹਾ ਕਿ ਕੋਰੋਨਾ ਢਲਾਣ ਵੱਲ ਜਾ ਰਹੀ ਹੈ ਪਰ ਫੇਰ ਵੀ ਸਾਨੂੰ ਅਵੇਸਲੇ ਹੋਣ ਦੀ ਬਜਾਏ ਸਾਵਧਾਨ ਹੋ ਕੇ ਚੱਲਣ ਦੀ ਲੋੜ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਆਉਣ ਵਾਲੇ 15 ਦਿਨ ਤਿਉਂਹਾਰ ਵਾਲੇ ਹਨ, ਜਿਸ ਦੌਰਾਨ ਬਾਜ਼ਾਰ ਵਿੱਚ ਖਰੀਦ-ਫਰੋਕਤ ਲਈ ਕਾਫੀ ਭੀੜ ਜਮ੍ਹਾਂ ਵੀ ਹੋ ਜਾਂਦੀ ਹੈ, ਇਸ ਲਈ ਤਿਉਂਹਾਰਾਂ ਦੇ ਸੀਜ਼ਨ ਦੌਰਾਨ ਸੂਬਾ ਸਕਰਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਸ ਨਾਲ ਜਿੱਥੇ ਤੁਸੀਂ ਤਿਉਂਹਾਰਾਂ ਦਾ ਆਨੰਦ ਵੀ ਮਾਣ ਸਕੋਗੇ ਨਾਲ ਹੀ ਆਪ ਤੇ ਆਪਣਿਆਂ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਓਗੇ।