ਸਾਹਨੇਵਾਲ ਵਿਖੇ ਹੋਏ ਸਮਾਗਮ ਦੌਰਾਨ ਯੂਥ ਕਲੱਬਾਂ ਨੂੰ ਵੰਡੀਆਂ ਅੱਜ ਸਪੋਰਟਸ ਕਿੱਟਾਂ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਅਤੇ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਹੈ ਵਚਨਬੱਧ - ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

  ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ, ਜਿਥੇ ਇਲਾਕੇ ਦੇ ਵੱਖ-ਵੱਖ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ।

ਇਹ ਸਮਾਰੋਹ ਸਰਕਾਰੀ ਪ੍ਰਾਇਮਰੀ ਸਕੂਲ, ਜੀ.ਟੀ. ਰੋਡ ਨੰਦਪੁਰ, ਸਾਹਨੇਵਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਸ੍ਰੀ ਨਿਤਿਨ ਟੰਡਨ, ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ।

ਇੰਜੀ: ਸੁਖਵਿੰਦਰ ਸਿੰਘ ਬਿੰਦਰਾ ਨੇ ਨੌਜਵਾਨਾਂ ਅਤੇ ਖਿਡਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਉਨ੍ਹਾਂ ਨੂੰ ਪੰਜਾਬ ਯੁਵਕ ਸੇਵਾਂਵਾਂ ਬੋਰਡ ਦਾ ਕਾਰਜਭਾਰ ਸੌਪਿਆਂ ਹੈ, ਉਨ੍ਹਾਂ ਦੀ ਯੋਗ ਅਗਵਾਈ ਅਤੇ ਦਿਸ਼ਾਂ ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਨਿਭਾਉਣਗੇ। ਬਿੰਦਰਾ ਨੇ ਕਿਹਾ ਕਿ ਉਹ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ।ਉਨ੍ਹਾਂ ਕਿਹਾ ਕਿ ਯੂਥ ਸੰਪਰਕ ਪ੍ਰੋਗਰਾਮ ਤਹਿਤ ਉਹ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਸਵਰਨ ਸਿੰਘ ਖ਼ਵਾਜਕੇ, ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ, ਵਾਈਸ ਚੇਅਰਮੈਨ ਸਾਹਨੇਵਾਲ ਮਾਰਕੀਟ ਕਮੇਟੀ ਸਤਵੰਤ ਸਿੰਘ ਗਰਚਾ, ਹਰਦੀਪ ਮੂੰਡੀਆਂ, ਬਲਾਕ ਪ੍ਰਧਾਨ ਹਰਵਿੰਦਰ ਪੱਪੀ, ਕੌਂਸਲਰ ਮਨਜਿੰਦਰ ਭੋਲਾ, ਕੌਂਸਲਰ ਕੁਲਵਿੰਦਰ ਕਾਲਾ, ਕੌਂਸਲਰ ਸੰਦੀਪ ਸੋਨੀ, ਲਾਲੀ ਹਾਰਾ, ਸਰਪੰਚ ਰਾਜਦੀਪ ਤੇ ਸਰਪੰਚ ਪਰਵਿੰਦਰ ਸਿੰਘ ਵੀ ਮੌਜੂਦ ਸਨ।