ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-

ਲੁਧਿਆਣਾ ਵਿਖੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਤਿਰੰਗਾ

ਕਿਹਾ! ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ

ਵਿਸ਼ੇਸ਼ ਸ਼ਖਸੀਅਤਾਂ ਦਾ ਕੀਤਾ ਸਨਮਾਨ

ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਸਰਕਾਰ ਦੇ ਜਲ ਸਰੋਤ, ਮਾਈਨਿੰਗ ਤੇ ਭੂ-ਵਿਗਿਆਨ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸ.ਸੁਖਬਿੰਦਰ ਸਿੰਘ ਸਰਕਾਰੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸਰਕਾਰੀਆ ਨੇ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਨੌਜਵਾਨਾਂ ਨੂੰ ਨੌਕਰੀ ਦੇ ਕਾਬਿਲ ਬਣਾ ਕੇ ਉਨ੍ਹਾਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੀਆਂ ਉਨ੍ਹਾਂ 36 ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ।

ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਦਰਸਾਉਂਦੀਆਂ 14 ਝਾਕੀਆਂ ਵੀ ਸ਼ਹਿਰ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ।

ਸਮਾਗਮ ਦੌਰਾਨ ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਵਿਧਾਇਕ ਸ੍ਰ.ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਤੇ ਸੈਸ਼ਨ ਜੱਜ ਸ.ਗੁਰਬੀਰ ਸਿੰਘ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਪੀ.ਐਲ.ਆਈ.ਡੀ.ਬੀ. ਚੇਅਰਮੈਨ ਸ੍ਰੀ ਪਵਨ ਦੀਵਾਨ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਿਆਲੀ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕੇ.ਕੇ.ਬਾਵਾ, ਬੈਕਫਿੰਕੋ ਦੇ ਵਾਈਸ ਪ੍ਰਧਾਨ ਮੁਹੰਮਦ ਗੁਲਾਬ(ਸਾਰੇ ਚੇਅਰਮੈਨ), ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਸੀ.ਏ. ਗਲਾਡਾ ਸ.ਪਰਮਿੰਦਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।