ਭਾਰਤ ਭੂਸ਼ਣ ਆਸ਼ੂ ਵੱਲੋਂ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੁੱਕੇ ਕਦਮਾਂ ਦੀ ਕੀਤੀ ਸਮੀਖਿਆ

ਮੌਜੂਦਾ ਕੋਵਿਡ ਹਾਲਾਤਾਂ 'ਤੇ ਨੱਜਰ ਬਣਾਈ ਹੋਈ ਹੈ - ਆਸ਼ੂ

ਅਗਲੇ ਤਿੰਨ ਹਫ਼ਤੇ ਕੋਵਿਡ ਮਾਮਲਿਆਂ 'ਚ ਹੋ ਰਹੇ ਵਾਧੇ ਨੂੰ ਰੋਕਣ ਲਈ ਹਨ ਮਹੱਤਵਪੂਰਨ

ਮੁੱਖ ਮੰਤਰੀ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੋਵਿਡ ਦੀ ਸਥਿਤੀ ਬਾਰੇ ਕੀਤੀ ਸਮੀਖਿਆ

ਲੁਧਿਆਣਾ, ਮਾਰਚ 2021 (ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ  ) -

ਲੁਧਿਆਣਾ ਵਿਚ ਕੋਵਿਡ ਪੋਜਟਿਵ ਮਾਮਲਿਆਂ ਵਿਚ ਤੇਜ਼ੀ ਆਈ ਹੈ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਇਸ ਮਹਾਂਮਾਰੀ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਚੁੱਕਾ ਹੈ ਅਤੇ ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਜੋਰਦਾਰ ਲੜਾਈ ਲੜ ਰਿਹਾ ਹੈ।ਕੋਵਿਡ-19 ਤਿਆਰੀ ਦੀ ਸਮੀਖਿਆ ਕਰਨ ਅਤੇ ਸੰਕਟ ਵਿੱਚ ਹੋਏ ਜਾਨੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇੱਕ ਵੀਡੀਓ ਕਾਨਫ਼ਰੰਸ ਵਿੱਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਹਾਂਮਾਰੀ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਬਿਮਾਰੀ ਦੇ ਖਾਤਮੇ ਲਈ ਮੋਹਰੀ ਰੋਲ ਅਦਾ ਕਰੇਗਾ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਹਿਲਾਂ ਹੀ ਸਿਹਤ ਵਿਭਾਗ ਨੂੰ ਇਸ ਬਿਮਾਰੀ ਨੂੰ ਰੋਕਣ ਲਈ ਸੁਨਹਿਰੀ ਮਾਪਦੰਡ, ਟੈਸਟਿੰਗ, ਇਲਾਜ ਅਤੇ ਟਰੇਸਿੰਗ 'ਤੇ ਕੰਮ ਕਰਨ ਦੇ ਆਦੇਸ਼ ਦੇ ਚੁੱਕਾ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਟੈਸਟਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਮਰੀਜ਼ਾਂ ਨੂੰ ਵਧੀਆ  ਇਲਾਜ ਲਈ ਬੁਨਿਆਦੀ ਢਾਂਚੇ ਵਿੱਚ ਵੀ ਵਾਧਾ ਕੀਤਾ ਗਿਆ ਹੈ।ਸ੍ਰੀ ਆਸ਼ੂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਆਕਸੀਜਨ, ਬੈਡ ਅਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਸਮੇਤ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਫੰਡਾਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਪ੍ਰਸ਼ਾਸਨ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਫਲੂ ਵਰਗੇ ਲੱਛਣ ਹੋਣ 'ਤੇ ਸੰਕੋਚ ਨਾ ਕਰਨ ਸਗੋਂ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਬਿਨ੍ਹਾਂ ਕਿਸੇ ਜਾਨੀ ਨੁਕਸਾਨ ਦੇ ਰੋਕਿਆ ਜਾ ਸਕੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਤਿੰਨ ਹਫ਼ਤੇ ਕੋਵਿਡ ਮਾਮਲਿਆਂ ਵਿੱਚ ਵੱਧ ਰਹੇ ਵਾਧੇ ਨੂੰ ਰੋਕਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਪਸੀ ਵਿੱਥ, ਮਾਸਕ ਪਹਿਨਣਾ ਅਤੇ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ।ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਸੰਬੰਧੀ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ  ਕਿਸੇ ਵੀ ਕਿਸਮ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਅਤੇ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਦੀ ਚੇਨ ਤੋੜਨ ਲਈ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਅਤੇ ਹੋਰ ਵੀ ਹਾਜ਼ਰ ਸਨ।