ਜ਼ਿਲ੍ਹਾ ਚੋਣ ਅਫਸਰ ਵੱਲੋਂ ਚੋਣ ਸਟਾਫ ਦਾ ਸਨਮਾਨ

ਲੁਧਿਆਣਾ,  ਜੂਨ 2019 ( ਮਨਜਿੰਦਰ ਗਿੱਲ )—ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਬਦਲੇ ਜ਼ਿਲ੍ਹਾ ਚੋਣ ਦਫਤਰ ਦੇ ਮੈਂਬਰਾਂ ਨੂੰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਆਪਣੇ ਦਫਤਰ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰ. ਇਕਬਾਲ ਸਿੰਘ ਸੰਧੂ, ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਸਵੀਪ ਗਤੀਵਿਧੀਆਂ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਪੂਨਮਪ੍ਰੀਤ ਕੌਰ, ਤਹਿਸੀਲਦਾਰ ਚੋਣ ਸ਼਼੍ਰੀਮਤੀ ਅੰਜੂ ਬਾਲਾ ਅਤੇ ਹੋਰ ਸਟਾਫ ਹਾਜ਼ਰ ਸੀ। ਸਮੂਹ ਸਟਾਫ ਵੱਲੋਂ ਤਨਦੇਹੀ ਨਾਲ ਨਿਭਾਈ ਡਿਊਟੀ ਦੀ ਪ੍ਰਸ਼ੰਸ਼ਾ ਕਰਦਿਆਂ ਅਗਰਵਾਲ ਨੇ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਦੀਆਂ ਆਮ ਚੋਣਾਂ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣਾ ਬਹੁਤ ਵੱਡੀ ਚੁਣੌਤੀ ਹੁੰਦੀ ਹੈ ਅਜਿਹੇ ਕਾਰਜ ਸਟਾਫ ਅਤੇ ਹੋਰ ਸਾਰੀਆਂ ਧਿਰਾਂ ਦੇ ਸਹਿਯੋਗ ਤੋਂ ਬਿਨਾਂ ਸਫਲਤਾ ਪੂਰਵਕ ਨੇਪਰੇ ਚਾੜ੍ਹਨੇ ਅਸੰਭਵ ਹੁੰਦੇ ਹਨ। ਉਨ੍ਹਾਂ ਇਨ੍ਹਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸਟਾਫ ਨੂੰ ਵਧਾਈ ਦਿੱਤੀ ਅਤੇ ਚੰਗੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।