You are here

ਲੁਧਿਆਣਾ

ਪੀ.ਏ.ਯੂ. ਨੂੰ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਦਾ ਸਰਵੋਤਮ ਪੁਰਸਕਾਰ ਮਿਲਿਆ

ਲੁਧਿਆਣਾ, 18 ਮਾਰਚ(ਟੀ. ਕੇ.) 

 
ਪੀ.ਏ.ਯੂ. ਨੂੰ ਸਾਲ 2023-24 ਲਈ ਆਲ ਇੰਡੀਆ ਕੁਆਡੀਨੇਟਿਡ ਖੋਜ ਪੋ੍ਰਜੈਕਟ ਤਹਿਤ ਸਰਵੋਤਮ ਪੋਸਟ ਹਾਰਵੈਸਟ ਇੰਜਨੀਅਰਿੰਗ ਅਤੇ ਤਕਨਾਲੋਜੀ ਕੇਂਦਰ ਐਵਾਰਡ ਨਾਲ ਨਿਵਾਜ਼ਿਆ ਗਿਆ| ਇਹ ਐਵਾਰਡ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਬੀਤੇ ਦਿਨੀਂ ਸਿਫਟ ਲੁਧਿਆਣਾ ਵਿਖੇ ਹੋਈ ਸਲਾਨਾ ਕਾਰਜਸ਼ਾਲਾ ਦੌਰਾਨ ਪ੍ਰਦਾਨ ਕੀਤਾ ਗਿਆ| ਇਸ ਕੇਂਦਰ ਨੂੰ ਦੇਸ਼ ਭਰ ਦੇ 29 ਹੋਰ ਕੇਂਦਰਾਂ ਵਿੱਚੋਂ ਸਭ ਤੋਂ ਬਿਹਤਰ ਕੰਮ ਕਾਜ ਲਈ ਸਰਵੋਤਮ ਕੇਂਦਰ ਐਵਾਰਡ ਮਿਲਿਆ| ਪੀ.ਏ.ਯੂ. ਕੇਂਦਰ ਨੇ ਵਢਾਈ ਤੋਂ ਬਾਅਦ ਫਸਲਾਂ ਦੀ ਤਕਨਾਲੋਜੀ ਦੇ ਵਿਕਾਸ ਵਿਚ ਬਿਹਤਰੀਨ ਯੋਗਦਾਨ ਪਾਇਆ|

 
ਇਸ ਐਵਾਰਡ ਨੂੰ ਦੇਣ ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਨਿਰਦੇਸ਼ਕ ਜਨਰਲ ਡਾ. ਐੱਮ ਐੱਮ ਝਾ ਮੌਜੂਦ ਸਨ| ਉਹਨਾਂ ਤੋਂ ਇਲਾਵਾ ਡਾ. ਕੇ ਨਰਸੀਆਹ, ਸਿਫਟ ਦੇ ਨਿਰਦੇਸ਼ਕ ਡਾ. ਨਚਿਕੇਤ ਕੋਤਵਾਲੀ ਵਾਲੇ ਅਤੇ ਕੁਝ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ| ਇਹਨਾਂ ਮਾਹਿਰਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਐੱਮ ਐੱਸ ਆਲਮ, ਡਾ. ਸੁਰੇਖਾ ਭਾਟੀਆ, ਡਾ. ਸੰਧਿਆ, ਡਾ. ਮਨਪ੍ਰੀਤ ਕੌਰ ਸੈਣੀ, ਡਾ. ਰੋਹਿਤ ਸ਼ਰਮਾ ਅਤੇ ਡਾ. ਗਗਨਦੀਪ ਕੌਰ ਦੀ ਤਾਰੀਫ ਕਰਦਿਆਂ ਹੋਰ ਚੰਗੇ ਕੰਮ ਲਈ ਪ੍ਰੇਰਿਤ ਕੀਤਾ|

 
ਪੀ.ਏ.ਯੂ. ਦਾ ਇਹ ਕੇਂਦਰ ਖੇਤੀ ਪ੍ਰੋਸੈਸਿੰਗ ਕੰਪਲੈਕਸ ਸਥਾਪਿਤ ਕਰਨ ਲਈ ਆਪਣੇ ਵਿਸ਼ੇਸ਼ ਕਾਰਜ ਕਰਨ ਹਿਤ ਪ੍ਰਸਿੱਧ ਹੈ| ਇਸ ਕਾਰਜ ਦੇ ਮੁੱਖ ਨਿਗਰਾਨ ਡਾ. ਐੱਮ ਐੱਸ ਆਲਮ ਨੇ ਇਸ ਕੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਵੱਲੋਂ ਤਕਨਾਲੋਜੀਆਂ ਦੇ ਵਿਕਾਸ ਵਿਚ ਕੀਤੇ ਗਏ ਕੰਮ ਵਿਚ ਸਟੀਵੀਆ ਪਾਊਡਰ ਤਿਆਰ ਕਰਨ, ਮੈਂਥੇ ਦੇ ਤੇਲ ਦੀ ਪ੍ਰੋਸੈਸਿੰਗ ਅਤੇ ਆਂਵਲੇ ਦੇ ਜੂਸ ਸੰਬੰਧੀ ਕੀਤੇ ਕੰਮ ਪ੍ਰਮੁੱਖ ਹਨ| ਇਸ ਤੋਂ ਇਲਾਵਾ ਭੰਡਾਰ ਕੀਤੀਆਂ ਜਾਣ ਵਾਲੀਆਂ ਦਾਲਾਂ ਦੀ ਸੰਭਾਲ ਲਈ ਸੁਰੱਖਿਆ ਕਿੱਟ ਅਤੇ ਸ਼ਹਿਦ ਦੀ ਸੈਂਸਰ ਅਧਾਰਿਤ ਜਾਂਚ ਤੋਂ ਇਲਾਵਾ ਸਬਜ਼ੀਆਂ ਦੇ ਖੇਤਰ ਵਿਚ ਕੀਤੇ ਕਾਰਜ ਨੂੰ ਦੇਖਿਆ ਜਾ ਸਕਦਾ ਹੈ| ਇਸ ਤੋਂ ਇਲਾਵਾ ਕੇਂਦਰ ਨੇ ਖੇਤ ਪੱਧਰ ਤੇ ਫਲਾਂ ਅਤੇ ਸਬਜ਼ੀਆਂ ਦੀ ਧੁਆਈ ਦੀ ਤਕਨਾਲੋਜੀ, ਹਲਦੀ ਦੀ ਧੁਆਈ ਅਤੇ ਪਾਲਸ਼ ਦੀ ਮਸ਼ੀਨ ਤੋਂ ਇਲਾਵਾ ਸ਼ਹਿਦ ਦੀ ਸਾਂਭ-ਸੰਭਾਲ ਲਈ ਤਿਆਰ ਕੀਤੀਆਂ ਤਕਨਾਲੋਜੀਆਂ ਨੂੰ ਅੰਜ਼ਾਮ ਦਿੱਤਾ ਹੈ| ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਤਕਨਾਲੋਜੀਆਂ ਨੂੰ ਕਿਸਾਨਾਂ ਅਤੇ ਹੋਰ ਲੋਕਾਂ ਤੱਕ ਪਹੁੰਚਾਉਣ ਲਈ ਕੇਂਦਰ ਨੇ ਵੱਡੀ ਪੱਧਰ ਤੇ ਲੋਕਾਂ ਨੂੰ ਸਿਖਲਾਈ ਦਿੱਤੀ ਹੈ|

 
ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਅਤੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਟੀ ਸੀ ਮਿੱਤਲ ਨੇ ਇਸ ਪਰਿਵਾਰ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ|

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ 'ਵੋਟਰ ਹੈਲਪਲਾਈਨ' ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਸਲਾਹ

ਲੁਧਿਆਣਾ, 18 ਮਾਰਚ (ਟੀ. ਕੇ. ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਵੋਟਰ ਹੈਲਪਲਾਈਨ' ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ।

ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ  ਤਹਿਤ ਆਯੋਜਿਤ ਇੱਕ ਸਮਾਗਮ ਦੌਰਾਨ ਸਰਕਾਰੀ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਪਿਊਟਰ ਜਾਂ ਮੋਬਾਈਲ 'ਤੇ ਇੱਕ ਕਲਿੱਕ ਰਾਹੀਂ ਵੋਟਰ ਵਜੋਂ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਐਪ ਅਤੇ ਪੋਰਟਲ ਦੀ ਵਰਤੋਂ ਕਰਨ, ਜਿਸ ਨਾਲ ਬਿਨੈ-ਪੱਤਰ ਫਾਰਮ-6 ਜਮ੍ਹਾ ਕਰਨ ਲਈ ਕੁਝ ਮਿੰਟ ਲੱਗਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਐਪ ਨੂੰ ਆਪਣੇ ਐਂਡਰੌਇਡ ਫੋਨ 'ਤੇ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰਨ ਲਈ ਕਿਹਾ ਜਾਂ ਵੋਟਰ ਵਜੋਂ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਵੈਬਸਾਈਟ www.nvsp.in ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾ ਦੀ ਸਹਾਇਤਾ ਲਈ ਰਾਸ਼ਟਰੀ ਟੋਲ-ਫ੍ਰੀ ਨੰਬਰ 1950 'ਤੇ ਸੰਪਰਕ ਕਰਨ ਜਾਂ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਜਾਣ ਦੀ ਵੀ ਸਿਫਾਰਸ਼ ਕੀਤੀ। ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਿਹਾ ਕਿ ਲੁਧਿਆਣਵੀ ਇਸ ਵਾਰ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੱਡੀ ਗਿਣਤੀ ਵਿੱਚ ਅੱਗੇ ਆਉਣ ਅਤੇ 70 ਫੀਸਦ (ਇਸ ਵਾਰ 70 ਪਾਰ) ਪੋਲਿੰਗ ਦਾ ਟੀਚਾ ਪ੍ਰਾਪਤ ਕਰਨਾ ਚਾਹੀਦਾ ਹੈ। 

ਬਾਅਦ ਵਿੱਚ, ਜ਼ਿਲ੍ਹਾ ਚੋਣ ਅਫ਼ਸਰ ਨੇ ਵਿਦਿਆਰਥੀਆਂ ਨਾਲ ਚੋਣ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਪੋਲਿੰਗ ਵਾਲੇ ਦਿਨ ਵੋਟ ਪਾਉਣ ਨੂੰ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕ੍ਰਿਸ਼ਨ ਪਾਲ ਰਾਜਪੂਤ ਅਤੇ ਪ੍ਰਿੰਸੀਪਲ ਸੁਮਨ ਲਤਾ ਗੁਪਤਾ ਵੀ ਮੌਜੂਦ ਸਨ

ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਲੁਧਿਆਣਾ, 18 ਮਾਰਚ (ਟੀ. ਕੇ. ) - ਜ਼ਿਲ੍ਹਾ ਚੋਣ ਦਫ਼ਤਰ ਅਤੇ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ) ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਆਪਣੀ ਮੁਹਿੰਮ 'ਆਈ ਵੋਟ ਆਈ ਲੀਡ' ਤਹਿਤ ਸ਼ਹਿਰ ਦੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ।

ਇਸ ਮੁਹਿੰਮ ਤਹਿਤ ਚੋਣ ਦਫ਼ਤਰ ਅਤੇ ਇਨੀਸ਼ੀਏਟਰਜ਼ ਆਫ਼ ਚੇਂਜ ਦੀ ਟੀਮ ਨੇ ਲੋਕਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਅਤੇ ਜਾਗਰੂਕ ਕਰਨ ਲਈ ਰੱਖ ਬਾਗ ਵਿੱਚ ਨੁੱਕੜ ਨਾਟਕ ਦਾ ਆਯੋਜਨ ਕੀਤਾ। ਸ਼ਹਿਰ ਦੇ ਨੌਜਵਾਨ ਵਲੰਟੀਅਰਾਂ ਗੋਕੁਲ ਮਲਿਕ, ਹਰਪਾਲ ਕੌਰ, ਕ੍ਰਿਪਾ, ਮਿਸਤੀ, ਸਾਤਵਿਕ, ਹਰਸ਼, ਨਮਨ, ਜੁਗਾੜ, ਰੇਨਾ ਅਤੇ ਹਿਮਾਂਸ਼ੂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ।

ਇਸ ਤੋਂ ਇਲਾਵਾ ਚੋਣ ਦਫ਼ਤਰ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਦਾ ਡੈਮੋ ਵੀ ਦਿੱਤਾ।

ਐਨ.ਜੀ.ਓ ਦੇ ਟਰੱਸਟੀ ਮਿਥਿਲ ਗੋਇਲ ਨੇ ਕਿਹਾ ਕਿ ਵੱਧ ਤੋਂ ਵੱਧ ਉਤਪਾਦਕਤਾ ਅਤੇ ਮਜ਼ਬੂਤ ਲੋਕਤੰਤਰ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਲੋੜ ਹੈ।

ਯੇਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਦੀ ਕਾਰਜਸ਼ੈਲੀ ਨੂੰ ਜਾਣਿਆ

ਲੁਧਿਆਣਾ, 18 ਮਾਰਚ(ਟੀ. ਕੇ.) 

ਬੀਤੇ ਦਿਨੀਂ ਪੀ.ਏ.ਯੂ. ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਅਮਰੀਕਾ ਦੀ ਯੇਲ ਯੂਨੀਵਰਸਿਟੀ ਦੇ ਪ੍ਰੋਫੈਸਰ ਐਂਥਨੀ ਐਕੀਆਵਾਟੀ ਦੀ ਅਗਵਾਈ ਵਿਚ 13 ਵਿਦਿਆਰਥੀਆਂ ਦੇ ਇਕ ਵਫਦ ਨੇ ਪੀ.ਏ.ਯੂ. ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਇਸ ਵਫਦ ਨੇ ਹਰੀ ਕ੍ਰਾਂਤੀ ਤੋਂ ਇਲਾਵਾ ਖੇਤੀ ਦੇ ਇਤਿਹਾਸ ਵਿਚ ਪੀ.ਏ.ਯੂ. ਵੱਲੋਂ ਪਾਏ ਯੋਗਦਾਨ ਨੂੰ ਜਾਣਿਆ| ਵਿਦਿਆਰਥੀਆਂ ਦੇ ਇਸ ਵਫਦ ਨੇ ਪੀ.ਏ.ਯੂ. ਦੀ ਕਾਰਜਸ਼ੈਲੀ ਤੋਂ ਇਲਾਵਾ ਪ੍ਰਦਰਸ਼ਨੀਆਂ, ਅਜਾਇਬ ਘਰਾਂ ਅਤੇ ਕਿਸਾਨ ਮੇਲੇ ਨੂੰ ਦੇਖਦਿਆਂ ਕਿਸਾਨਾਂ ਅਤੇ ਮਾਹਿਰਾਂ ਦੇ ਆਪਸੀ ਸੰਬੰਧਾਂ ਬਾਰੇ ਨਵੇਂ ਤਜਰਬੇ ਹਾਸਲ ਕੀਤਾ|

 
ਇਸ ਵਫਦ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਖੋਜ, ਅਧਿਆਪਨ ਅਤੇ ਪਸਾਰ ਸੰਬੰਧੀ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਵੱਲੋਂ ਹਰੀ ਕ੍ਰਾਂਤੀ ਲਈ ਪਾਏ ਯੋਗਦਾਨ ਦਾ ਜ਼ਿਕਰ ਕੀਤਾ| ਉਹਨਾਂ ਕਿਹਾ ਕਿ ਦੇਸ਼ ਨੂੰ ਭੋਜਨ ਦੀ ਕਮੀ ਤੋਂ ਵਾਧੂ ਅੰਨ ਭੰਡਾਰਾਂ ਵੱਲ ਲੈ ਜਾਣ ਲਈ ਯੂਨੀਵਰਸਿਟੀ ਮਾਹਿਰਾਂ ਨੇ ਪੰਜਾਬ ਦੇ ਕਿਸਾਨਾਂ ਨਾਲ ਮਿਲ ਕੇ ਇਤਿਹਾਸਕ ਕਾਰਜ ਕੀਤਾ| ਇਸ ਨਾਲ ਨਾ ਸਿਰਫ ਨਵੀਆਂ ਖੇਤੀ ਤਕਨਾਲੋਜੀਆਂ ਦੇ ਲਾਗੂ ਹੋਣ ਦਾ ਵਾਤਾਵਰਨ ਪੈਦਾ ਹੋਇਆ ਬਲਕਿ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਖੁਸ਼ਹਾਲੀ ਵੱਲ ਵੀ ਤੋਰਿਆ ਜਾ ਸਕਿਆ| ਡਾ. ਗੋਸਲ ਨੇ ਭਵਿੱਖ ਵਿਚ ਪੀ.ਏ.ਯੂ. ਵੱਲੋਂ ਖੇਤੀ ਸੰਬੰਧੀ ਕੀਤੀ ਜਾਣ ਵਾਲੀ ਖੋਜ ਦਾ ਜ਼ਿਕਰ ਕਰਦਿਆਂ ਵਾਤਾਵਰਨ ਪੱਖੀ ਤਕਨੀਕਾਂ, ਜੀਨੋਮ ਸੰਪਾਦਨ, ਸਪੀਡ ਬਰੀਡਿੰਗ, ਮੌਲੀਕਿਊਲਰ ਅਤੇ ਨਵੀਆਂ ਖੇਤੀ ਵਿਧੀਆਂ ਵਿਚ ਭੂਮੀ ਦੀ ਸਿਹਤ ਸੰਭਾਲ, ਮਸ਼ੀਨੀ ਬੌਧਿਕਤਾ, ਸੂਚਨਾ ਸੰਚਾਰ ਅਧਾਰਿਤ ਤਕਾਨਲੋਜੀਆਂ ਆਦਿ ਦਾ ਜ਼ਿਕਰ ਕੀਤਾ| ਉਹਨਾਂ ਕਿਹਾ ਕਿ ਉਤਪਾਦਕਤਾ ਦੇ ਨਾਲ-ਨਾਲ ਪੌਸ਼ਕਤਾ ਵੱਲ ਧਿਆਨ ਦੇ ਕੇ ਯੂਨੀਵਰਸਿਟੀ ਖੋਜ ਕਰਨ ਲਈ ਯਤਨਸ਼ੀਲ ਹੈ|

 
ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਨੇ ਵਿਦੇਸ਼ੀ ਵਫਦ ਸਾਹਮਣੇ ਯੂਨੀਵਰਸਿਟੀ ਦੀ ਸਮਰੱਥਾ ਦਾ ਵਿਸਥਾਰ ਨਾਲ ਪੱਖ ਪੇਸ਼ ਕੀਤਾ| ਉਹਨਾਂ ਕਿਹਾ ਕਿ ਇਹ ਸੰਸਥਾ ਆਪਣੇ ਬਿਹਤਰੀਨ ਕਾਰਜ ਕਰਕੇ ਭਾਰਤ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਬਣੀ ਹੈ| ਕਿਸਾਨਾਂ ਅਤੇ ਮਾਹਿਰਾਂ ਦੇ ਨੇੜਲੇ ਸੰਬੰਧ, ਉੱਚ ਪੱਧਰੀ ਪਸਾਰ ਢਾਂਚੇ, ਅਕਾਦਮਿਕ ਪੱਖ ਤੋਂ ਸ਼ੇ੍ਰਸਟ ਸਹੂਲਤਾਂ ਬਾਰੇ ਗੱਲ ਕਰਦਿਆਂ ਡਾ. ਰਿਸ਼ੀਪਾਲ ਸਿੰਘ ਨੇ ਪੀ.ਏ.ਯੂ. ਦੀ ਨਾ ਸਿਰਫ ਪੰਜਾਬ ਨੂੰ ਬਲਕਿ ਉੱਤਰੀ ਭਾਰਤ ਨੂੰ ਦੇਣ ਦਾ ਵਿਸਥਾਰ ਨਾਲ ਹਵਾਲਾ ਦਿੱਤਾ|

 
ਪ੍ਰੋਫੈਸਰ ਐਂਥਨੀ ਨੇ ਇਸ ਮੌਕੇ ਹਰੀ ਕ੍ਰਾਂਤੀ ਦੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਦਿੱਤੇ| ਉਹਨਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿਚ ਕਿਸਾਨੀ ਦੇ ਬਦਲਾਅ ਦੀ ਅਜਿਹੀ ਘਟਨਾ ਸ਼ਾਇਦ ਹੀ ਕਦੇ ਵਾਪਰੀ ਹੋਵੇ| ਇਸ ਤੋਂ ਇਲਾਵਾ ਉਹਨਾ ਨੇ ਯੇਲ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ| ਉਥੋਂ ਦੀਆਂ ਅਕਾਦਮਿਕ ਗਤੀਵਿਧੀਆਂ ਦੇ ਜ਼ਿਕਰ ਤੋਂ ਇਲਾਵਾ ਪ੍ਰੋਫੈਸਰ ਐਂਥਨੀ ਨੇ ਨਵੇਂ ਯੁੱਗ ਵਿਚ ਯੇਲ ਯੂਨੀਵਰਸਿਟੀ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਪੀ.ਏ.ਯੂ. ਨਾਲ ਸਾਂਝ ਦੀ ਇੱਛਾ ਪ੍ਰਗਟਾਈ|

 
ਵਫਦ ਨੇ ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਤੋਂ ਵੱਖ-ਵੱਖ ਸਵਾਲ ਪੁੱਛ ਕੇ ਜਾਣਕਾਰੀ ਹਾਸਲ ਕੀਤੀ|

 
ਇਸ ਸਮਾਰੋਹ ਵਿਚ ਸਵਾਗਤ ਦੇ ਸ਼ਬਦ ਡਾ. ਵਿਸ਼ਾਲ ਬੈਕਟਰ ਨੇ ਕਹੇ ਜਦਕਿ ਸੰਚਾਲਨ ਡਾ. ਜਗਦੀਪ ਸੰਧੂ ਨੇ ਕੀਤਾ|

ਪੀ.ਏ.ਯੂ. ਵਿਚ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਗਿਆ

ਲੁਧਿਆਣਾ, 18 ਮਾਰਚ(ਟੀ. ਕੇ.) 

ਪੀ.ਏ.ਯੂ. ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਵੱਲੋਂ ਗਾਹਕਾਂ ਨੂੰ ਜਾਗਰੂਕ ਕਰਨ ਲਈ ਖਪਤਕਾਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ| ਇਸ ਜਸ਼ਨ ਦੌਰਾਨ 14 ਅਤੇ 15 ਮਾਰਚ ਦੇ ਕਿਸਾਨ ਮੇਲੇ ਵਿਚ ਪੇਂਡੂ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਕੀਤਾ ਗਿਆ| ਇਸ ਤੋਂ ਇਲਾਵਾ 30 ਦੇ ਕਰੀਬ ਵਿਦਿਆਰਥੀਆਂ ਨੇ ਪੋਸਟਰ ਬਨਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ| ਇਸ ਦੌਰਾਨ ਗੁਰਲੀਨ, ਅਨਾਮਿਕਾ ਅਤੇ ਮਾਨਸੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਜਿੱਤੇ|

 
ਵਿਭਾਗ ਵੱਲੋਂ ਪੀ.ਏ.ਯੂ. ਕੈਂਪਸ ਵਿਚ ਇਕ ਰੈਲੀ ਕੱਢੀ ਗਈ| ਸਮਾਰੋਹ ਦੇ ਮੁੱਖ ਮਹਿਮਾਨ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਸਨ| ਡਾ. ਬੈਂਸ ਨੇ ਕਿਹਾ ਕਿ ਜਾਗਰੂਕ ਗਾਹਕ ਸਿਹਤਮੰਦ ਸਮਾਜ ਦੀ ਪਛਾਣ ਹੁੰਦੇ ਹਨ| ਉਹਨਾਂ ਵਿਦਿਆਰਥੀਆਂ ਵੱਲੋਂ ਗਾਹਕਾਂ ਨੂੰ ਉਹਨਾਂ ਦੇ ਹੱਕਾਂ ਅਤੇ ਫਰਜ਼ਾਂ ਬਾਰੇ ਜਾਗਰੂਕ ਕਰਨ ਦੇ ਅਮਲ ਦੀ ਸ਼ਲਾਘਾ ਕੀਤੀ|

ਵਿਭਾਗ ਦੇ ਮੁਖੀ ਡਾ. ਸ਼ਰਨਬੀਰ ਕੌਰ ਬੱਲ ਨੇ ਵਿਦਿਆਰਥੀਆਂ ਦੀ ਗਤੀਵਿਧੀਆਂ ਦੀ ਪ੍ਰਸ਼ੰਸ਼ਾਂ ਕਰਦਿਆਂ ਵਿਭਾਗ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ|

 
ਡਾ. ਹਰਪਿੰਦਰ ਕੌਰ, ਡਾ. ਸ਼ਿਵਾਨੀ ਰਾਣਾ ਅਤੇ ਡਾ. ਦੀਪਿਕਾ ਬਿਸ਼ਟ ਇਸ ਸਮਾਗਮ ਦੇ ਕੁਆਰਡੀਨੇਟਰ ਸਨ|

ਲੁਧਿਆਣਾ ਦੇ ਕਾਲਜਾਂ 'ਚ ਵੋਟਰ ਰਜਿਸਟ੍ਰੇਸ਼ਨ ਕੈਂਪ ਸ਼ੁਰੂ

ਲੁਧਿਆਣਾ, 18 ਮਾਰਚ (ਟੀ. ਕੇ. ) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ ਦੇ ਹਿੱਸੇ ਵਜੋਂ ਅੱਜ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ।

ਇਹ ਕੈਂਪ ਐਸ.ਸੀ.ਡੀ. ਸਰਕਾਰੀ ਕਾਲਜ, ਸ੍ਰੀ ਅਰਬਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ, ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ, ਗੁਰੂ ਨਾਨਕ ਖ਼ਾਲਸਾ ਕਾਲਜ (ਲੜਕੀਆਂ) ਮਾਡਲ ਟਾਊਨ, ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਆਈ.ਟੀ.ਆਈ. ਗਿੱਲ ਰੋਡ ਵਿਖੇ ਲਗਾਏ ਗਏ। ਨੌਜਵਾਨਾਂ ਨੂੰ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਦੇ ਕੰਮਕਾਜ ਬਾਰੇ ਜਾਗਰੂਕ ਕੀਤਾ ਗਿਆ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਲਈ ਇਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਨਵੇਂ ਵੋਟਰਾਂ ਨੇ ਮੌਕੇ 'ਤੇ ਹੀ ਵੋਟਰ ਰਜਿਸਟ੍ਰੇਸ਼ਨ ਫਾਰਮ ਵੀ ਭਰੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਨਵੇਂ ਵੋਟਰ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਰਾਹੀਂ ਆਪਣੇ ਆਪ ਨੂੰ ਆਨਲਾਈਨ ਵੀ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ। ਉਨ੍ਹਾਂ ਕਿਹਾ ਕਿ ਇਹ ਕੈਂਪ ਦੇਸ਼ ਵਿੱਚ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਨੌਜਵਾਨਾਂ ਨੂੰ ਲੋਕਤੰਤਰ ਵਿੱਚ ਵੱਡੇ ਯੋਗਦਾਨ ਲਈ ਵੋਟਰ ਰਜਿਸਟ੍ਰੇਸ਼ਨ ਲਈ ਅੱਗੇ ਆਉਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹੇ ਰਜਿਸਟ੍ਰੇਸ਼ਨ ਕੈਂਪ ਹੋਰ ਕਾਲਜਾਂ ਵਿੱਚ ਲਗਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਵਿੱਚ ਚੋਣ ਪ੍ਰਕਿਰਿਆ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ।

11ਵਾਂ ਮੁਫ਼ਤ ਹੋਮਿਓਪੈਥਿਕ ਕੈਂਪ ਗਰਲਜ ਪਬਲਿਕ ਸਕੂਲ ਗਿੱਲ ਰੋਡ ਵਿਖੇ ਲਗਾਇਆ ਗਿਆ

ਲੁਧਿਆਣਾ( ਕਰਨੈਲ ਸਿੰਘ ਐੱਮ.ਏ.) 
ਸ਼ਹੀਦ ਏ-ਆਜਮ ਸ੍ਰ: ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 11ਵਾਂ ਮੁਫ਼ਤ  ਹੋਮਿਓਪੈਥਿਕ ਕੈਂਪ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਦੀ ਅਗਵਾਈ ਹੇਠ ਗਰਲਜ ਪਬਲਿਕ ਸਕੂਲ, ਮੁਰਾਦਪੁਰਾ ਮੁਹੱਲਾ, ਗਿੱਲ ਰੋਡ ਵਿਖੇ ਵਾਰਡ  ਨੰਬਰ 74 ਵਿਖੇ ਲਗਾਇਆ ਗਿਆ ਹੈ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ  ਭਾਜਪਾ ਆਗੂ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ  ਸਮੇਂ-ਸਮੇਂ ਤੇ ਇਲਾਕਾ ਨਿਵਾਸੀਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਂਦੇ ਰਹਿੰਦੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ  ਜਿਸ ਕਰਕੇ ਬਹੁਤ ਸਾਰੇ ਜ਼ਰੂਰਤਮੰਦ ਲੋਕਾਂ ਨੂੰ ਇਹਨਾਂ ਕੈਂਪਾਂ ਦਾ ਫਾਇਦਾ ਹੁੰਦਾ ਹੈ। ਇਹ ਕੈਂਪ ਹਰ ਮਹੀਨੇ ਅਨੇਜਾ ਹੈਮਿਓਪੈਥਿਕ ਕਲੀਨਿਕ ਦੇ ਸਹਿਯੋਗ  ਨਾਲ ਲਗਾਇਆ ਜਾਂਦਾ ਹੈ । ਇਸ ਮੌਕੇ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਮਾਂਦਰੂ ਬੋਲੇ ਅਤੇ ਗੂੰਗੇ, ਕਿਸੇ ਅੰਗ ਦਾ ਵਿਕਾਸ ਨਾ ਹੋਣਾ ਜਾਂ ਰੁਕ ਜਾਣਾ ਜਾਂ ਬੁੱਧੀ ਤੋਂ ਘੱਟ ਵਿਕਸਿਤ ਹੋਣ ਵਾਲੇ ਬੱਚਿਆਂ ਦਾ ਇਲਾਜ ਵਿਸ਼ੇਸ਼  ਤੌਰ ਤੇ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਹਰ ਮਹੀਨੇ ਦੀ ਦਵਾਈ ਬਿਲਕੁਲ ਫ੍ਰੀ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਡਾਕਟਰ  ਰਚਨਾ ਅਤੇ ਨਿਤਿਸ਼ ਅਨੇਜਾ ਆਪਣੀ ਪੂਰੀ ਟੀਮ ਨਾਲ ਫ਼ਰੀ ਚੈੱਕਅਪ ਕਰਕੇ ਅਤੇ ਅੱਧੇ ਰੇਟਾਂ ਤੇ ਟੈਸਟ ਵੀ ਕਰਦੇ ਹਨ | ਉਹਨਾਂ  ਦੱਸਿਆ ਕਿ ਅਗਲਾ ਕੈਂਪ 21 ਅਪ੍ਰੈਲ  ਦਿਨ ਐਤਵਾਰ ਨੂੰ ਇਸੇ ਸਥਾਨ ਤੇ  ਲਗਾਇਆ ਜਾ ਰਿਹਾ ਹੈ । ਇਸ ਮੌਕੇ ਰਣਜੀਤ ਸਿੰਘ ਉਭੀ ਸਾਬਕਾ ਕੌਂਸਲਰ ,ਰਛਪਾਲ  ਸਿੰਘ ਪ੍ਰਧਾਨ ਗੁਰਦਵਾਰਾ ਸਿੰਘ ਸਭਾ ਮੁਰਾਦਪੁਰ ,ਮਨੋਹਰ ਸਿੰਘ ਮੱਕੜ ਸਾਬਕਾ ਕੌਸਲਰ, ਰਾਜ ਕੁਮਾਰ ਰਾਜੂ, ਅਜੈਬ ਸਿੰਘ ਭੁੱਟਾ, ਬਲਰਾਮ ਕਿਸ਼ਨ ਗਰਗ, ਸੁਖਵਿੰਦਰ ਸੁਖੀ, ਸੁਮਿਤ ਬਿੰਦਰਾ, ਗੁਰਮੀਤ ਸਿੰਘ ਕਾਲਾ, ਰਾਜਨ ਕੋਹਲੀ, ਜਸਵਿੰਦਰ ਸਿੰਘ ਲਵਲੀ, ਗੋਗੀ ਰਾਜਪੂਤ, ਰਛਪਾਲ ਸਿੰਘ ਪਾਲੀ, ਮਨੋਹਰ ਸਿੰਘ ਮੱਕੜ, ਤਰਨਜੀਤ ਸਿੰਘ ਸਨੀ, ਕਰਨਜੋਤ ਸਿੰਘ, ਕਰਨ ਤੈਨਾ ਸਾਹਿਲ ਆਦਿ  ਮੌਜੂਦ ਸਨ ।

ਡੇਢ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਣ ਜਲ-ਸਰੋਤ ਕਾਮੇ ਹੋਏ ਪ੍ਰੇਸ਼ਾਨ

*ਲੋਕ ਸਭਾ ਚੋਣਾਂ ਦੌਰਾਨ ਆਪ ਦੇ ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ
ਹੁਸ਼ਿਆਰਪੁਰ, 17 ਮਾਰਚ (  ਬਿਊਰੋ  ) ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੀਰ ਅਤੇ ਜਨਰਲ ਸਕੱਤਰ ਰਾਜਨ ਸ਼ਰਮਾ ਨੇ ਇੱਕ ਸਾਂਝੇ  ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਜਲ-ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਅਧੀਨ ਕੰਮ ਕਰਦੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਫਰਵਰੀ ਮਹੀਨੇ ਦੀ ਤਨਖਾਹ ਅਜੇ ਤੱਕ ਨਹੀਂ ਮਿਲੀ ਹੈ ਜਿਸ ਕਾਰਣ ਮੁਲਾਜ਼ਮਾਂ ਅੰਦਰ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਉਕਤ ਮੁਲਾਜ਼ਮ ਤਨਖਾਹਾਂ ਨਾ ਮਿਲਣ ਕਾਰਣ ਪੰਜਾਬ ਸਰਕਾਰ ਅਤੇ ਵਿਭਾਗ ਤੋਂ ਪ੍ਰੇਸ਼ਾਨ ਚੱਲ ਰਹੇ ਹਨ ਅਤੇ ਸਿਰਫ ਤਨਖਾਹ ਤੇ ਹੀ ਨਿਰਭਰ ਇਹਨਾਂ ਮੁਲਾਜ਼ਮਾਂ ਦੇ ਘਰਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ ਅਤੇ ਮੁਲਾਜ਼ਮ ਅਤੇ ਉਹਨਾਂ ਦੇ ਪਰਿਵਾਰ ਆਰਥਿਕ ਤੰਗੀ ‘ਚੋਂ ਗੁਜ਼ਰ ਰਹੇ ਹਨ। ਆਗੂਆਂ ਨੇ ਆਖਿਆ ਕਿ ਸੂਬਾ ਸਰਕਾਰ ਵਲੋ ਉਕਤ ਮੁਲਾਜ਼ਮਾਂ ਦੀਆਂ ਰਹਿੰਦੀਆਂ ਤਮਾਮ ਮੰਗਾਂ ਨੂੰ ਵੀ ਜਲਦ ਹੱਲ ਕੀਤਾ ਜਾਵੇ। ਇਸਦੇ ਨਾਲ ਹੀ ਮੰਗ ਕੀਤੀ ਗਈ ਕਿ ਉਕਤ ਮੁਲਾਜ਼ਮਾਂ ‘ਚ ਪਨਪ ਰਹੇ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਇਹਨਾਂ ਮੁਲਾਜ਼ਮਾਂ ਦੀ ਹਰ ਮਹੀਨੇ ਤਨਖਾਹ ਦੀ ਪਹਿਲੀ ਤਰੀਕ ਤੱਕ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇ।ਆਗੂਆਂ ਵਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਨੂੰ ਤੁਰੰਤ ਹੱਲ ਨਾ ਕੀਤਾ ਗਿਆ ਲੋਕ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।

ਵੈਟਨਰੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਈ 47ਵੀਂ ਉਪ-ਕੁਲਪਤੀ ਕਨਵੈਨਸ਼ਨ

ਲੁਧਿਆਣਾ, 17 ਮਾਰਚ (ਟੀ. ਕੇ.) 
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ 47ਵੀਂ ਉਪ-ਕੁਲਪਤੀ ਕਨਵੈਨਸ਼ਨ ‘ਭੋਜਨ ਤੇ ਪੌਸ਼ਟਿਕ ਸੁਰੱਖਿਆ ਅਤੇ ਕਿਸਾਨ ਭਲਾਈ : ਭਾਰਤ 2047 ਦੀ ਦ੍ਰਿਸ਼ਟੀ ਅਤੇ ਉਸਤੋਂ ਅੱਗੇ ਤੱਕ’ ਵਿਸ਼ੇ ’ਤੇ  17 ਮਾਰਚ ਨੂੰ ਆਰੰਭ ਹੋਈ। ਉਦਘਾਟਨੀ ਸਮਾਰੋਹ ਦੀ ਸੋਭਾ ਪਦਮ ਭੂਸ਼ਣ ਡਾ. ਆਰ ਐਸ ਪਰੋਡਾ, ਚੇਅਰਮੈਨ, ਟਰੱਸਟ ਫਾਰ ਅਡਵਾਂਸਮੈਂਟ ਆਫ ਐਗਰੀਕਲਚਰਲ ਸਾਇੰਸਜ਼, ਨਵੀਂ ਦਿੱਲੀ ਅਤੇ ਸਾਬਕਾ ਮਹਾਂਨਿਰਦੇਸ਼ਕ ਭਾਰਤੀ ਖੇਤੀ ਖੋਜ ਪਰਿਸ਼ਦ ਮੁੱਖ ਮਹਿਮਾਨ ਵਜੋਂ, ਪਦਮ ਸ਼੍ਰੀ ਡਾ. ਗੁਰਦੇਵ ਸਿੰਘ ਖੁਸ਼, ਚੌਲ ਇਨਕਲਾਬ ਦੇ ਪਿਤਾਮਾ ਅਤੇ ਵਿਸ਼ਵ ਭੋਜਨ ਇਨਾਮ ਦੇ ਜੇਤੂ ਵਿਸ਼ੇਸ਼ ਮਹਿਮਾਨ ਵਜੋਂ, ਡਾ. ਆਰ ਸੀ ਅਗਰਵਾਲ, ਉਪ-ਮਹਾਂਨਿਰਦੇਸ਼ਕ ਭਾਰਤੀ ਖੇਤੀ ਖੋਜ ਪਰਿਸ਼ਦ ਮਾਣਯੋਗ ਮਹਿਮਾਨ ਵਜੋਂ, ਡਾ. ਰਾਮੇਸ਼ਵਰ ਸਿੰਘ, ਪ੍ਰਧਾਨ, ਭਾਰਤੀ ਖੇਤੀਬਾੜੀ ਯੂਨੀਵਰਸਿਟੀ ਐਸੋਸੀਏਸ਼ਨ, ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਅਤੇ ਕਨਵੈਨਸ਼ਨ ਦੇ ਸਰਪ੍ਰਸਤ ਅਤੇ ਡਾ. ਦਿਨੇਸ਼ ਕੁਮਾਰ, ਕਾਰਜਕਾਰੀ ਸਕੱਤਰ, ਭਾਰਤੀ ਖੇਤੀਬਾੜੀ ਯੂਨੀਵਰਸਿਟੀ ਐਸੋਸੀਏਸ਼ਨ ਨੇ ਵਧਾਈ। 
    ਡਾ. ਇੰਦਰਜੀਤ ਸਿੰਘ ਨੇ ਸਾਰੀਆਂ ਮੁਹਤਬਰ ਸ਼ਖ਼ਸੀਅਤਾਂ, ਉਪ-ਕੁਲਪਤੀਆਂ ਅਤੇ ਵਿਭਿੰਨ ਖੇਤੀਬਾੜੀ ਯੂਨੀਵਰਸਿਟੀਆਂ ਦੇ ਨੁਮਾਇੰਦਾ ਅਧਿਕਾਰੀਆਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਇਹ ਮੰਚ ਖੇਤੀਬਾੜੀ ਅਤੇ ਪਸ਼ੂਧਨ ਕਿੱਤਿਆਂ ਨਾਲ ਸੰਬੰਧਤ ਸਾਡੀ ਦੇਸ਼ ਦੀ ਕਿਸਾਨੀ ਦੀ ਬਿਹਤਰੀ ਵਾਸਤੇ ਸਿਫਾਰਸ਼ਾਂ ਤਿਆਰ ਕਰਨ ਅਤੇ ਨੀਤੀਆਂ ਬਨਾਉਣ ਵਿਚ ਸਹਾਈ ਹੋਣ ਦੀ ਭੂਮਿਕਾ ਨਿਭਾਵੇਗਾ। ਡਾ. ਆਰ. ਐਸ. ਪਰੋਡਾ ਨੇ ਭਾਰਤ ਦੇ ਹਰੇ, ਚਿੱਟੇ, ਨੀਲੇ ਅਤੇ ਸਤਰੰਗੀ ਇਨਕਲਾਬ ਨਾਲ ਹੋਏ ਬਹਗੁਣੀ ਵਿਕਾਸ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕਿਸਾਨੀ ਦੀ ਸੁਰੱਖਿਆ ਵਾਸਤੇ ਸਾਨੂੰ ਕਿਸਾਨਾਂ ਲਈ ਸਿਹਤਮੰਦ ਭੂਮੀ, ਚੰਗਾ ਪਾਣੀ, ਖੇਤੀ ਵਸਤਾਂ ਦੀ ਸਮੇਂ ਸਿਰ ਪੂਰਤੀ, ਸੁਚੱਜਾ ਗਿਆਨ, ਚੁਸਤ ਪਸਾਰ ਸੇਵਾਵਾਂ, ਘੱਟ ਦਰ ’ਤੇ ਵਿਤੀ ਸਹੂਲਤ, ਵਧੀਆ ਮੰਡੀਕਾਰੀ ਅਤੇ ਸਮਾਜ ਵਿਚ ਕਿਸਾਨ ਦੀ ਇੱਜ਼ਤ ਬਨਾਉਣੀ ਬਹੁਤ ਜ਼ਰੂਰੀ ਹੈ। ਡਾ. ਗੁਰਦੇਵ ਸਿੰਘ ਖੁਸ਼ ਨੇ ਕਿਹਾ ਕਿ ਆਲਮੀ ਪੱਧਰ ਦੀਆਂ ਸੰਸਥਾਵਾਂ ਖੜੀਆਂ ਕਰਨ ਲਈ ਪੇਸ਼ੇਵਰ ਗੁਣਾਂ ਵਾਲੇ ਅਤੇ ਵਿਕਾਸਸ਼ੀਲ ਸੋਚ ਦੇ ਨਾਇਕ ਲੱਭਣੇ ਬਹੁਤ ਜ਼ਰੂਰੀ ਹਨ।
    ਡਾ. ਆਰ. ਸੀ. ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਖੇਤੀਬਾੜੀ ਵਿਚ ਉੇਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੀ ਰੁਚੀ ਵਧੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਸ਼ੁਰੂ ਹੋ ਰਹੇ ਸਟਾਰਟਅੱਪ ਉਦਮਾਂ ਵਿਚ ਬਹੁਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਕਿੱਤਿਆਂ ਦੀ ਪਿੱਠਭੂਮੀ ਵਾਲੇ ਹਨ। ਉਨ੍ਹਾਂ ਖੇਤੀਬਾੜੀ ਸਿੱਖਿਆ ਵਿਚ ਡਿਜੀਟਲ ਉਪਰਾਲਿਆਂ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਰਾਮੇਸ਼ਵਰ ਸਿੰਘ ਨੇ ਭਾਰਤੀ ਖੇਤੀਬਾੜੀ ਯੂਨੀਵਰਸਿਟੀ ਐਸੋਸੀਏਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਸੰਗਠਨ ਵਿਭਿੰਨ ਖੇਤੀਬਾੜੀਆਂ ਯੂਨੀਵਰਸਿਟੀਆਂ ਅਤੇ ਅਜਿਹੀਆਂ ਹੋਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਸਾਂਝੇ ਹਿੱਤਾਂ ਤਹਿਤ ਸਹਿਯੋਗ ਅਧੀਨ ਲਿਆਉਣ ਲਈ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਅਤੇ ਪਸ਼ੂਧਨ ਖੇਤਰ ਵਿਚ ਬਹੁਤ ਚੁਣੌਤੀਆਂ ਹਨ ਜਿਵੇਂ ਮੌਸਮੀ ਤਬਦੀਲੀਆਂ, ਮੰਡੀਕਾਰੀ ਅੜਚਣਾਂ ਅਤੇ ਨੌਜਵਾਨਾਂ ਦਾ ਖੇਤੀ ਤੋਂ ਭੰਗ ਹੁੰਦਾ ਮੋਹ। ਇਸ ਮੌਕੇ ਵਿਭਿੰਨ ਯੂਨੀਵਰਸਿਟੀਆਂ ਦੇ ਪੰਜ ਖੋਜਾਰਥੀਆਂ ਨੂੰ ਸਰਵਉੱਤਮ ਖੋਜ ਪ੍ਰਬੰਧ ਦੇ ਸਨਮਾਨ ਨਾਲ ਵੀ ਨਿਵਾਜਿਆ ਗਿਆ।
    ਡਾ. ਸੰਜੀਵ ਕੁਮਾਰ ਉੱਪਲ, ਕਨਵੈਨਸ਼ਨ ਦੇ ਕਨਵੀਨਰ ਨੇ ਸਾਰੇ ਮਹਿਮਾਨਾਂ ਅਤੇ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ। ਡਾ. ਯਸ਼ਪਾਲ ਸਿੰਘ ਮਲਿਕ ਨੇ ਦੱਸਿਆ ਕਿ ਕਨਵੈਨਸ਼ਨ ਵਿਚ 30 ਤੋਂ ਵਧੇਰੇ ਉਪ-ਕੁਲਪਤੀਆਂ ਤੋਂ ਇਲਾਵਾ ਮੋਹਰੀ ਪੇਸ਼ੇਵਰਾਂ, ਅਗਾਂਹਵਧੂ ਕਿਸਾਨਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਡਾ. ਸਰਵਪ੍ਰੀਤ ਸਿੰਘ ਘੁੰਮਣ, ਪ੍ਰਬੰਧਕੀ ਸਕੱਤਰ ਨੇ ਦੱਸਿਆ ਕਿ ਅੱਜ ਦੇ ਤਕਨੀਕੀ ਸੈਸ਼ਨਾਂ ਵਿਚ ‘ਮਨੁੱਖੀ ਸਾਧਨ ਅਤੇ ਆਧਾਰਭੂਤ ਢਾਂਚਾ’, ‘ਵਾਤਾਵਰਣ ਸਨੇਹੀ ਭੋਜਨ ਪ੍ਰਬੰਧ’ ਅਤੇ ‘ਕਿਸਾਨ- ਉਦਮੀ-ਸਾਇੰਸਦਾਨ ਵਿਚਾਰ ਵਟਾਂਦਰਾ’ ਵਿਸ਼ਿਆਂ ’ਤੇ ਚਰਚਾ ਹੋਈ। ਕਨਵੈਨਸ਼ਨ 18 ਅਤੇ 19 ਮਾਰਚ ਨੂੰ ਵੀ ਮਹੱਤਵਪੂਰਨ ਵਿਸ਼ਿਆਂ ’ਤੇ ਚਰਚਾ ਕਰੇਗੀ।

ਠੇਕਾ ਮੁਲਾਜਮਾਂ ਵੱਲੋੰ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ

ਲੁਧਿਆਣਾ, 17 ਮਾਰਚ (ਟੀ. ਕੇ. ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਪ੍ਰਤਾਪ ਚੌਂਕ ਨੇੜੇ ਪਾਰਕ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਕੀਤਾ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਸਵੀਰ ਸਿੰਘ ਜੱਸੀ,ਬਲਿਹਾਰ ਸਿੰਘ ਕਟਾਰੀਆ,ਜਗਸੀਰ ਸਿੰਘ ਭੰਗੂ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ 'ਆਪ ਸਰਕਾਰ' ਵੱਲੋੰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕੀਤਾ ਜਾ ਰਿਹਾ ਹੈ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜ਼ਿਲਿਆਂ ਦੇ ਪ੍ਰਸ਼ਾਸਨ ਵੱਲੋੰ 20 ਵਾਰ ਮੁੱਖ ਮੰਤਰੀ ਪੰਜਾਬ ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੋਸੇ ਦੇਣ ਦੇ ਬਾਵਜੂਦ ਵੀ 'ਮੁੱਖ ਮੰਤਰੀ' ਵੱਲੋੰ "ਮੋਰਚੇ" ਦੀ ਲੀਡਰਸ਼ਿਪ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰਜ਼  'ਤੇ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਵਾ ਦੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ 'ਮੁੱਖ ਮੰਤਰੀ ਪੰਜਾਬ ਸਮੇਤ ਕੈਬਨਿਟ ਮੰਤਰੀਆਂ' ਦਾ ਸਮੁੱਚੇ ਪੰਜਾਬ ਵਿੱਚ ਚੋਣ ਪ੍ਰਚਾਰ ਮੌਕੇ ਕਾਲੇ ਝੰਡਿਆਂ ਨਾਲ਼ ਵਿਰੋਧ ਕੀਤਾ ਜਾਵੇਗਾ,ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅੱਜ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ ਅਤੇ ਕਿਸਾਨਾਂ-ਮਜ਼ਦੂਰਾਂ-ਰੈਗੂਲਰ ਅਤੇ ਪੈਨਸ਼ਨਰਜ਼ ਮੁਲਾਜ਼ਮਾਂ ਸਮੇਤ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।