ਤਲਵੰਡੀ ਸਾਬੋ, 31 ਮਾਰਚ (ਗੁਰਜੰਟ ਸਿੰਘ ਨਥੇਹਾ)- ਇਕ ਜੁਲਾਈ 2023 ਤੋਂ ਲੇਲੇਵਾਲਾ ਵਿਖੇ ਗੈਸ ਪਾਈਪ ਲਾਈਨ ਦੇ ਮੁਆਵਜੇ ਸਬੰਧੀ ਹੋਏ ਸਮਝੌਤੇ ਨੂੰ ਲਾਗੂ ਕਰਾਉਣ ਲਈ ਚੱਲ ਰਹੇ ਮੋਰਚੇ ਵਿੱਚ ਅੱਜ ਔਰਤਾਂ ਨੇ ਸਮੂਲੀਅਤ ਕੀਤੀ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਔਰਤ ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੀ ਜਰਨਲ ਸਕੱਤਰ ਕਰਮਜੀਤ ਕੌਰ ਲਹਿਰਾਖਾਨਾ ਨੇ ਕਿਹਾ ਕਿ ਗੈਸ ਪਾਈਪ ਲਾਈਨ ਦੇ ਹੋਏ ਸਮਝੌਤੇ ਨੂੰ 10 ਮਹੀਨਿਆਂ ਤੋਂ ਉੱਪਰ ਹੋ ਗਏ ਹਨ ਪਰ ਜਿੱਥੇ ਕੰਪਨੀ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਣ ਬੁਝ ਕੇ ਕਿਸਾਨਾਂ ਨਾਲ ਕੀਤੇ ਲਿਖਤੀ ਸਮਝੌਤੇ ਨੂੰ ਲਾਗੂ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਉਥੇ ਲੋਕਾਂ ਦੀ ਪਾਰਟੀ ਵਜੋਂ ਉਭਰ ਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਕਿਸਾਨਾਂ ਦੀ ਲਗਾਤਾਰ ਅਣਸੁਣੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਬਠਿੰਡਾ ਤੋਂ ਲੋਕ ਸਭਾ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਸੀ ਜਿਸ ਦੌਰਾਨ ਉਹਨਾਂ ਨੇ 4 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਮੀਟਿੰਗ ਤਹਿ ਕਰ ਕੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਔਰਤ ਆਗੂਆਂ ਨੇ ਕਿਹਾ ਕਿ ਜੇਕਰ 04 ਅਪ੍ਰੈਲ ਨੂੰ ਮੀਟਿੰਗ ਦੌਰਾਨ ਕਿਸਾਨਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਜਥੇਬੰਦੀ ਵੱਲੋਂ ਕੀਤੇ ਫੈਸਲੇ ਮੁਤਾਬਿਕ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਵਿਰੋਧ ਕੀਤਾ ਜਾਵੇਗਾ ਜਿਸ ਵਿੱਚ ਔਰਤਾਂ ਵੀ ਸ਼ਾਮਲ ਹੋਣਗੀਆਂ। ਉਹਨਾਂ ਕਿਹਾ ਕਿ ਕੀਤੇ ਸਮਝੌਤੇ ਮੁਤਾਬਕ ਜਿੰਨਾ ਕਿਸਾਨਾਂ ਦੇ ਖੇਤਾਂ ਵਿੱਚੋਂ ਦੀ ਪਾਈਪਲਾਈਨ ਪਾਈ ਜਾ ਚੁੱਕੀ ਹੈ ਉਹਨਾਂ ਨੂੰ ਵੀ 24 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ, ਮੀਂਹ, ਗੜੇਮਾਰੀ ਤੇ ਤੂਫਾਨ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ, ਕਈ ਸਾਲਾਂ ਤੋਂ ਬਰਬਾਦ ਹੋ ਰਹੀ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਗੁਲਾਬੀ ਸੁੰਡੀ ਅਤੇ ਹੋਰ ਬਿਮਾਰੀਆਂ ਤੋਂ ਰੋਗ ਰਹਿਤ ਬੀਜ ਦਿੱਤੇ ਜਾਣ, ਭਾਰਤ ਮਾਲਾ ਸੜਕ ਦਾ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਟੇਲਾਂ 'ਤੇ ਨਹਿਰੀ ਪਾਣੀ ਦੀ ਸਮੱਸਿਆ ਹੱਲ ਕੀਤੀ ਜਾਵੇ, ਗੰਭੀਰ ਬਿਮਾਰੀ ਕਾਰਨ ਨੁਕਸਾਨ ਹੋਏ ਪਸ਼ੂਆਂ ਦਾ ਮੁਆਵਜਾ ਦਿੱਤਾ ਜਾਵੇ। ਉਹਨਾਂ ਔਰਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਘਰਸ਼ ਦੇ ਮੈਦਾਨਾਂ ਵਿੱਚ ਸ਼ਾਮਿਲ ਹੋਇਆ ਜਾਵੇ। ਅੱਜ ਦੇ ਧਰਨੇ ਨੂੰ ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਗੁਰਜੀਤ ਸਿੰਘ ਬੰਗੇਹਰ ਚੜਤ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਹਰਪ੍ਰੀਤ ਸਿੰਘ ਕਾਲਾ ਚੱਠੇਵਾਲਾ ਨੇ ਨਿਭਾਉਂਦਿਆਂ ਸੱਦਾ ਦਿੱਤਾ ਕਿ 04 ਅਪ੍ਰੈਲ ਨੂੰ ਔਰਤਾਂ ਸਮੇਤ ਬਠਿੰਡੇ ਵੱਧ ਤੋਂ ਵੱਧ ਪਹੁੰਚਿਆ ਜਾਵੇ ਅਤੇ ਸਰਕਾਰ ਦੁਆਰਾ ਇਸ ਵਾਰ ਅਨਾਜ ਦੀ ਖਰੀਦ ਅਤੇ ਭੰਡਾਰਨ ਕਰਨ ਦੀ ਕਾਰਪੋਰੇਟ ਘਰਾਣਿਆਂ ਨੂੰ ਇਜਾਜ਼ਤ ਦੇ ਕੇ ਨਿੱਜੀਕਰਨ ਦੇ ਅਮਲ ਦੀ ਸ਼ੁਰੂਆਤ ਖਿਲਾਫ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਰੈਲੀ ਵਿੱਚ ਵੱਧ ਤੋਂ ਵੱਧ ਸਮੂਲੀਅਤ ਕੀਤੀ ਜਾਵੇ।