You are here

ਮੋਹਨਜੀਤ ਸਿੰਘ ਸ਼ੇਰੋਂ ਦਾ ਹਾਲ ਜਾਣਨ ਸਿਵਲ ਹਸਪਤਾਲ ਪਹੁੰਚੇ ਮਨਪ੍ਰੀਤ ਸਿੰਘ ਇਯਾਲੀ

ਐੱਸਐੱਸਪੀ ਦਫ਼ਤਰ ਸੰਗਰੂਰ ਬਾਹਰ ਰੋਸ ਧਰਨੇ ਵਿੱਚ ਵੀ ਹੋਏ ਸ਼ਾਮਲ; ਕਥਿਤ ਪੁਲਿਸ ਤਸ਼ੱਦਦ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਸੰਗਰੂਰ, 6 ਸਤੰਬਰ (ਜਨ ਸ਼ਕਤੀ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਦਿਖਾਉਣ ਮਗਰੋਂ ਪੁਲਿਸ ਹਿਰਾਸਤ ਵਿੱਚ ਕਥਿਤ ਤਸ਼ੱਦਦ ਦਾ ਸ਼ਿਕਾਰ ਹੋਏ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਦੀ ਸਿਹਤ ਦਾ ਹਾਲ ਜਾਣਨ ਲਈ ਮਨਪ੍ਰੀਤ ਸਿੰਘ ਇਯਾਲੀ ਸ਼ਨੀਵਾਰ ਨੂੰ ਸਿਵਲ ਹਸਪਤਾਲ ਸੰਗਰੂਰ ਪਹੁੰਚੇ।

ਮੋਹਨਜੀਤ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਇਯਾਲੀ ਨੇ ਕਿਹਾ ਕਿ ਲੋਕਤੰਤਰੀ ਢੰਗ ਨਾਲ ਵਿਰੋਧ ਪ੍ਰਗਟਾਉਣ ਵਾਲੇ ਵਿਅਕਤੀ ਨੂੰ ਕਥਿਤ ਤੌਰ ’ਤੇ ਨਾਜਾਇਜ਼ ਹਿਰਾਸਤ ਵਿੱਚ ਲੈ ਕੇ ਤਸ਼ੱਦਦ ਕਰਨਾ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਗੰਭੀਰ ਉਲੰਘਣਾ ਹੈ।

ਇਸ ਉਪਰੰਤ ਮਨਪ੍ਰੀਤ ਸਿੰਘ ਇਯਾਲੀ ਨੇ ਮੋਹਨਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਐੱਸਐੱਸਪੀ ਦਫ਼ਤਰ ਸੰਗਰੂਰ ਦੇ ਬਾਹਰ ਲਾਏ ਗਏ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕੀਤੀ।

ਇਯਾਲੀ ਨੇ ਮੰਗ ਕੀਤੀ ਕਿ ਮੋਹਨਜੀਤ ਸਿੰਘ ਵਿਰੁੱਧ ਕੀਤੀਆਂ ਗਈਆਂ ਕਥਿਤ ਬੇਬੁਨਿਆਦ ਕਾਰਵਾਈਆਂ ਤੁਰੰਤ ਰੱਦ ਕੀਤੀਆਂ ਜਾਣ ਅਤੇ ਪੁਲਿਸ ਹਿਰਾਸਤ ਦੌਰਾਨ ਹੋਏ ਕਥਿਤ ਤਸ਼ੱਦਦ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ, “ਲੋਕਾਂ ਦੀ ਆਵਾਜ਼ ਨੂੰ ਡੰਡੇ ਜਾਂ ਜੇਲ੍ਹਾਂ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ। ਮੋਹਨਜੀਤ ਸਿੰਘ ਨੂੰ ਇਨਸਾਫ਼ ਮਿਲਣ ਤੱਕ ਇਸ ਧੱਕੇਸ਼ਾਹੀ ਵਿਰੁੱਧ ਸੰਘਰਸ਼ ਜਾਰੀ ਰਹੇਗਾ।”

ਜ਼ਿਕਰਯੋਗ ਹੈ ਕਿ ਮੋਹਨਜੀਤ ਸਿੰਘ ਨੇ ਪੁਲਿਸ ਹਿਰਾਸਤ ਦੌਰਾਨ ਕੁੱਟਮਾਰ, ਬਿਜਲੀ ਦੇ ਝਟਕੇ ਦੇਣ ਅਤੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਮਾਮਲੇ ਵਿੱਚ ਸੁਨਾਮ ਦੇ ਡੀਐੱਸਪੀ ਦਾ ਤਬਾਦਲਾ ਕੀਤਾ ਗਿਆ ਹੈ, ਜਦਕਿ ਤਿੰਨ ਪੁਲਿਸ ਅਧਿਕਾਰੀਆਂ ਨੂੰ ਸੰਗਰੂਰ ਪੁਲਿਸ ਲਾਈਨ ਭੇਜਿਆ ਗਿਆ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।