ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਰਾਖਵਾਂ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਰਾਖਵਾਂ, ਅਗਲੀ ਤਾਰੀਖ਼ ਤੈਅ ਨਹੀਂ

ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਹ ਮਾਮਲਾ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਨਾਲ ਸਬੰਧਤ ਹੈ।

ਜ਼ਿਕਰਯੋਗ ਹੈ ਕਿ ਭਾਈ ਰਾਜੋਆਣਾ ਵੱਲੋਂ ਸਾਲ 2024 ਵਿੱਚ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦੇ ਵਕੀਲ ਮੁਕੁਲ ਰੋਹਤਗੀ ਵੱਲੋਂ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੂਰੀਆਂ ਕਰ ਲਈਆਂ ਗਈਆਂ ਸਨ।

ਅੱਜ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਫ਼ੈਸਲਾ ਸੁਣਾਏ ਜਾਣ ਦੀ ਉਮੀਦ ਸੀ, ਪਰ ਸੁਪਰੀਮ ਕੋਰਟ ਨੇ ਫ਼ੈਸਲਾ ਮੁੜ ਰਾਖਵਾਂ ਰੱਖ ਲਿਆ। ਇਸ ਕਾਰਨ ਭਾਈ ਰਾਜੋਆਣਾ ਦੀ ਸਜ਼ਾ ਵਿੱਚ ਤਬਦੀਲੀ ਸਬੰਧੀ ਅਜੇ ਕੋਈ ਅੰਤਿਮ ਫ਼ੈਸਲਾ ਸਾਹਮਣੇ ਨਹੀਂ ਆਇਆ ਹੈ।

ਇਸ ਦੌਰਾਨ ਭਾਈ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੇ ਮਾਮਲਿਆਂ ਦੀ ਪੈਰਵੀ ਕਰ ਰਹੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਅਜੇ ਇਸ ਮਾਮਲੇ ਵਿੱਚ ਅਗਲੀ ਤਾਰੀਖ਼ ਤੈਅ ਨਹੀਂ ਕੀਤੀ ਗਈ।

ਐਡਵੋਕੇਟ ਮੰਝਪੁਰ ਅਨੁਸਾਰ, ਸੁਪਰੀਮ ਕੋਰਟ ਦਾ ਲਿਖਤੀ ਹੁਕਮ ਜਾਰੀ ਹੋਣ ਤੋਂ ਬਾਅਦ ਹੀ ਇਸ ਮਾਮਲੇ ਦੀ ਅਗਲੀ ਸਥਿਤੀ ਸਪੱਸ਼ਟ ਹੋ ਸਕੇਗੀ। ਫਿਲਹਾਲ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਮਾਮਲਾ ਅਦਾਲਤ ਦੇ ਫ਼ੈਸਲੇ ਦੀ ਉਡੀਕ ਵਿੱਚ ਹੈ।